ਜ਼ਿਲ੍ਹਾ ਪੱਧਰੀ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ 3 ਲੱਖ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਤਕਸੀਮ

ਜਲੰਧਰ, 5 ਦਸੰਬਰ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਵਲੋਂ ਦੇਸ਼ ਪ੍ਰਤੀ ਦਿੱਤੇ ਗਏ ਬਲੀਦਾਨਾਂ ਦੀ ਯਾਦ ਨੂੰ ਤਾਜ਼ਾ ਕਰਨ ਅਤੇ ਦੇਸ਼ ਦੀਆਂ ਸੁਰੱਖਿਆ ਸੈਨਾਵਾਂ ਪ੍ਰਤੀ ਇਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਹਰ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਹਥਿਆਰਬੰਦ ਸੈਨਾ ਝੰਡਾ ਦਿਵਸ ਜੰਗੀ ਯਾਦਗਾਰ ਜਲੰਧਰ ਵਿਖੇ ਮਨਾਇਆ ਗਿਆ, ਜਿਸ ਵਿੱਚ ਬ੍ਰਿਗੇਡੀਅਰ ਮਨਜੀਤ ਸਿੰਘ ਸਾਬਕਾ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ, ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਦਿਨ ਆਮ ਨਾਗਰਿਕਾਂ ਦੇ ਕਾਲਰ ’ਤੇ ਟੋਕਨ ਫਲੈਗ ਲਗਾਇਆ ਜਾਂਦਾ ਹੈ, ਜਿਸ ਦੇ ਬਦਲੇ ਵਿੱਚ ਉਹ ਸਵੈ ਇੱਛਾ ਨਾਲ ਦਾਨ ਦਿੰਦੇ ਹਨ ਜੋ ਕਿ ਸ਼ਹੀਦਾਂ ਦੇ ਪਰਿਵਾਰਾਂ, ਅਪਾਹਜ ਹੋਏ ਸੈਨਿਕਾਂ ਅਤੇ ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾ ਦੇ ਪਰਿਵਾਰਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ 18 ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 3,20,000 ਰੁਪਏ ਦੀ ਮਾਲੀ ਸਹਾਇਤਾ ਦੇ ਚੈਕ ਤਕਸੀਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਫਲੈਗ ਡੇ ਦੇ ਸਟਿੱਕਰ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ, ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਆਦਿ ਦੇ ਮੁੱਖੀਆਂ ਨੂੰ ਭੇਜੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਸਬੰਧੀ ਬਣਦੀ ਰਾਸ਼ੀ 31 ਜਨਵਰੀ 2025 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜੰਗੀ ਯਾਦਗਾਰ ਵਿਖੇ ਅਮਰ ਜੋਤੀ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ ਅਤੇ ਦੇਸ਼ ਦੀ ਖਾਤਿਰ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਉਪਰੰਤ ਮੁੱਖ ਮਹਿਮਾਨ ਦੇ ਕਾਲਰ ’ਤੇ ਟੋਕਨ ਫਲੈਗ ਲਗਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਦਾ ਸਟਾਫ਼ ਵਿਕਾਸ ਕੁਮਾਰ ਸੁਪਰਡੈਂਟ, ਗੁਰਮੀਤ ਸਿੰਘ, ਪਵਨ ਕੁਮਾਰ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
————–

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top