ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜਿਮਨੀ ਚੋਣ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਕਰਵਾਉਣ ਲਈ ਵਚਨਬੱਧ

• ਜ਼ਿਲ੍ਹਾ ਚੋਣ ਅਫ਼ਸਰ ਤੇ ਪੁਲਿਸ ਕਮਿਸ਼ਨਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਉਪ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਦਿਵਾਇਆ ਭਰੋਸਾ

• ਹਲਕੇ ਦੇ 1,71,462 ਵੋਟਰ 181 ਪੋਲਿੰਗ ਬੂਥਾਂ ‘ਤੇ ਆਪਣੇ ਜਮਹੂਰੀ ਅਧਿਕਾਰ ਦੀ ਕਰਨਗੇ ਵਰਤੋਂ

• ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ

• ਸਮਾਜ ਵਿਰੋਧੀ ਅਨਸਰਾਂ ਦੀ ਰੋਕਥਾਮ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਜਲੰਧਰ, 12 ਜੂਨ : ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ 10 ਜੁਲਾਈ, 2024 ਨੂੰ ਹੋਣ ਵਾਲੀ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਅਮਨ-ਅਮਾਨ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 21 ਜੂਨ ਹੈ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ। ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਜਿਮਨੀ ਚੋਣ ਲਈ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਅਤੇ 15 ਜੁਲਾਈ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।


ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਮਨੀ ਚੋਣ ਲਈ ਹਲਕੇ ਦੇ ਕੁੱਲ 1,71,462 ਵੋਟਰਾਂ, ਜਿਨ੍ਹਾਂ ਵਿੱਚ 89,360 ਮਰਦ, 82,095 ਮਹਿਲਾ ਅਤੇ 7 ਥਰਡ ਜੈਂਡਰ ਵੋਟਰ ਸ਼ਾਮਲ ਹਨ, ਵੱਲੋਂ 181 ਪੋਲਿੰਗ ਬੂਥਾਂ ’ਤੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜਿਮਨੀ ਚੋਣ ਦੌਰਾਨ ਸਥਾਪਤ ਕੀਤੇ ਜਾਣ ਵਾਲੇ ਪੋਲਿੰਗ ਬੂਥਾਂ ‘ਤੇ ਪੀਣ ਵਾਲੇ ਪਾਣੀ, ਪੀ.ਡਬਲਯੂ.ਡੀ. ਵੋਟਰਾਂ ਲਈ ਵ੍ਹੀਲ ਚੇਅਰਾਂ ਅਤੇ ਵੋਟਰ ਸੁਵਿਧਾ ਡੈਸਕ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ 865 ਪੀ.ਡਬਲਯੂ.ਡੀ. ਵੋਟਰ ਅਤੇ 85 ਸਾਲ ਤੋਂ ਵੱਧ ਉਮਰ ਦੇ 757 ਵੋਟਰ ਹਨ। ਇਸੇ ਤਰ੍ਹਾਂ 100 ਸਾਲ ਤੋਂ ਵੱਧ ਉਮਰ ਦੇ 6 ਵੋਟਰਾਂ ਤੋਂ ਇਲਾਵਾ 4946 ‘ਫਸਟ ਟਾਈਮ’ ਵੋਟਰ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਵਿੱਚ ਵਲਨਰੇਬਲ ਮੈਪਿੰਗ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਸ਼੍ਰੇਣੀ ਵਿੱਚ 51 ਪੋਲਿੰਗ ਸਟੇਸ਼ਨ ਆਉਂਦੇ ਹਨ। ਪ੍ਰਸ਼ਾਸਨ ਵੱਲੋਂ ਹਲਕੇ ਵਿੱਚ 18 ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਇੱਕ ਵੂਮੈਨ ਪੋਲਿੰਗ ਸਟੇਸ਼ਨ ਅਤੇ 10 ਮਾਡਲ ਪੋਲਿੰਗ ਸਟੇਸ਼ਨ ਬਣਾਏ ਬਣਾਏ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਚੋਣ ਖਰਚੇ ਦੀ ਸੀਮਾ 40 ਲੱਖ ਰੁਪਏ ਤੱਕ ਨਿਰਧਾਰਿਤ ਕੀਤੀ ਹੈ ਅਤੇ ਖਰਚੇ ‘ਤੇ ਸਖ਼ਤ ਨਜ਼ਰ ਰੱਖਣ ਲਈ ਐਸ.ਐਸ.ਟੀਜ਼., ਵੀ.ਵੀ.ਟੀਜ਼. ਅਤੇ ਉਡਨ ਦਸਤੇ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਜ਼ਮੀਨੀ ਮੰਜ਼ਿਲ ’ਤੇ ਕਮਰਾ ਨੰਬਰ 22 ਵਿੱਚ ‘ਸਿੰਗਲ ਵਿੰਡੋ’ ਸਿਸਟਮ ਸਥਾਪਤ ਕੀਤਾ ਗਿਆ ਹੈ, ਜਿੱਥੇ ਸਿਆਸੀ ਪਾਰਟੀਆਂ/ਉਮੀਦਵਾਰ ਚੋਣਾਂ ਨਾਲ ਸਬੰਧਤ ਪ੍ਰਵਾਨਗੀਆਂ ਲਈ ਅਪਲਾਈ ਕਰ ਸਕਦੇ ਹਨ।

ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਧਰ ’ਤੇ ਵੱਖ-ਵੱਖ ਪ੍ਰਵਾਨਗੀਆਂ ਲਈ ਸਥਾਨਕ ਖਾਲਸਾ ਕਾਲਜ ਫਾਰ ਵੂਮੈਨ ਕੈਂਟ ਰੋਡ ਦੇ ਕਾਊਂਸਲਿੰਗ ਰੂਮ ਵਿਖੇ ਪ੍ਰਵਾਨਗੀ ਸੈੱਲ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਪਣੀ ਸ਼ਿਕਾਇਤ ਸੀ-ਵਿਜੀਲ ਐਪ ਰਾਹੀਂ, ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ ‘ਤੇ ਸ਼ਿਕਾਇਤ ਸੈੱਲ ਅਤੇ ਹੈਲਪਲਾਈਨ ਨੰਬਰ 1950 ‘ਤੇ ਵੀ ਦਰਜ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇਗਾ।

ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਜਿਮਨੀ ਚੋਣ ਪ੍ਰਕਿਰਿਆ ਦੌਰਾਨ ਬੈਂਕਾਂ ਦੇ ਲੈਣ-ਦੇਣ ਅਤੇ ਸ਼ਰਾਬ ਦੇ ਉਤਪਾਦਨ ਅਤੇ ਭੰਡਾਰਨ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਐਮ.ਸੀ.ਸੀ. ਦੀ ਉਲੰਘਣਾ ਖਿਲਾਫ਼ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 3 ਵੀ.ਐਸ.ਟੀਜ਼., 2 ਵੀ.ਵੀ.ਟੀਜ਼., ਇੱਕ ਲੇਖਾ ਟੀਮ, 9 ਐਫ.ਐਸ.ਟੀਜ਼., 9 ਐਸ.ਐਸ.ਟੀਜ਼., 3 ਸੀ-ਵਿਜਿਲ ਐਫ.ਐਸ.ਟੀਜ਼., 6 ਈ.ਐਸ.ਪੀ. ਚੋਣਾਂ ਦੌਰਾਨ ਹਲਕੇ ਵਿੱਚ ਬਾਜ਼ ਨਜ਼ਰ ਰੱਖਣਗੀਆਂ।

ਸੁਰੱਖਿਆ ਪ੍ਰਬੰਧਾਂ ਬਾਰੇ ਬੋਲਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਸੁਰੱਖਿਆ ਬਲਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਭਗੌੜੇ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਨਗਦੀ ਨਾਲ ਲੈ ਕੇ ਜਾਣ ਦੀ ਸੀਮਾ 50,000 ਰੁਪਏ ਹੈ ਅਤੇ ਵੋਟਰਾਂ ਨੂੰ ਭਰਮਾਉਣ ਲਈ ਵਰਤੀ ਜਾਣ ਵਾਲੀ ਕਿਸੇ ਵੀ ਕੀਮਤੀ ਵਸਤੂ ਨੂੰ ਜ਼ਬਤ ਕਰ ਲਿਆ ਜਾਵੇਗਾ।
ਇਸ ਮੌਕੇ ਹਲਕਾ ਵਾਸੀਆਂ ਨੂੰ ਜਿਮਨੀ ਚੋਣ ਦੌਰਾਨ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਤੇ ਸੰਯੁਕਤ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਪਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top