ਜਲੰਧਰ:- ਸਾਲ-2024 ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਅਤੇ ਜ਼ਿਲ੍ਹੇ ਵਿੱਚ ਕੀਤੇ ਗਏ ਨਵੇਂ ਉਪਰਾਲਿਆਂ ਵਜੋਂ ਯਾਦ ਕੀਤਾ ਜਾਂਦਾ ਰਹੇਗਾ। ਇਨ੍ਹਾਂ ਨਵੇਂ ਉਪਰਾਲਿਆਂ ਨੇ ਜਿਥੇ ਜਲੰਧਰ ਨੂੰ ਸਰਵਪੱਖੀ ਵਿਕਾਸ ਦੇ ਰਾਹ ਤੋਰਿਆ ਉਥੇ ਹੀ ਅਨੇਕਾਂ ਵਿਕਾਸ ਕਾਰਜਾਂ ਵਿੱਚ ਮੋਹਰੀ ਜ਼ਿਲ੍ਹਾ ਬਣਾਇਆ।
ਫਰਵਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹੇ ਨੂੰ 283 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਵੱਡਾ ਤੋਹਫ਼ਾ ਦਿੱਤਾ ਗਿਆ। ਨਕੋਦਰ ਵਿਖੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਕੇ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਗਈ। ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਘਰਾਂ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ। ਜ਼ਿਲ੍ਹੇ ਵਿੱਚ 66 ਆਮ ਆਦਮੀ ਕਲੀਨਿਕਾਂ ਵਲੋਂ ਸਫ਼ਲਤਾ ਪੂਰਵਕ ਲੋਕਾਂ ਨੁੂੰ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 19,29,603 ਲੋਕਾਂ ਵਲੋਂ ਇਸ ਦਾ ਲਾਭ ਉਠਾਇਆ ਜਾ ਚੁੱਕਾ ਹੈ।
ਸੜਕੀ ਦੁਰਘਟਨਾਵਾਂ ਸਮੇਂ ਤੁਰੰਤ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਲੰਧਰ ਦੇ ਪੀ.ਏ.ਪੀ. ਸਟੇਡੀਅਮ ਤੋਂ ਦੇਸ਼ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਲਈ 129 ਅਤਿ-ਆਧੁਨਿਕ ਵਾਹਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੇ ਨਾਲ ਹੀ ‘ਫਰਿਸ਼ਤੇ’ ਸਕੀਮ ਤਹਿਤ ਸੜਕ ਦੁਰਘਟਨਾਂ ਦੌਰਾਨ ਜਖ਼ਮੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਲਈ 15 ਸਰਕਾਰੀ ਤੇ 25 ਨਿੱਜੀ ਹਸਪਤਾਲਾਂ ਨੂੰ ਜ਼ਿਲ੍ਹੇ ਵਿੱਚ ਸੂਚੀਬੱਧ ਕੀਤਾ ਗਿਆ।
ਸਾਲ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਆਰਤੀ ’ ਓਮ ਜੈ ਜਗਦੀਸ਼ ਹਰੇ’ ਦੇ ਰਚੇਤਾ ਪੰਡਿਤ ਸ਼ਰਧਾ ਰਾਮ ਫਿਲੌਰੀ ਦੀ ਯਾਦਗਾਰ ਦਾ ਉਦਘਾਟਨ ਕੀਤਾ ਗਿਆ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਪਾਵਰ ਸਬ ਸਟੇਸ਼ਨ ਦਾ ਨਕੋਦਰ ਵਿਖੇ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ 37 ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਵਰਿਆਣਾ ਡੰਪ ਵਿਖੇ ਕੂੜੇ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ 32.32 ਕਰੋੜ ਰੁਪਏ ਦੇ ਬਾਇਓ-ਮਾਈਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ 1.15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਫਾਇਰ ਸਟੇਸ਼ਨ ਦਾ ਵੀ ਨੀਂਹ ਪੱਥਰ ਵੀ ਰੱਖਿਆ ਗਿਆ।
ਪੂਰੇ ਸਾਲ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ, ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਉਪ ਚੋਣ, ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਤੇ ਪੰਚਾਇਤੀ ਚੋਣਾਂ ਨੂੰ ਸੁਚਾਰੂ, ਨਿਰਪੱਖ ਤੇ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਇਆ ਗਿਆ। ਚੋਣਾਂ ਦੌਰਾਨ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹ ਕੇ ਕਿਸਾਂਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ।
ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਸਾਰਥਕ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਸਦਕਾ ਸਾਲ-2024 ਵਿੱਚ ਪਹਿਲੇ ਸਾਲਾਂ ਦੇ ਮੁਕਾਬਲੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਰਿਕਾਰਡ 87 ਫੀਸਦੀ ਕਮੀ ਦਰਜ ਕੀਤੀ ਗਈ। ਇਨ੍ਹਾਂ ਉਪਰਾਲਿਆਂ ਨੂੰ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ 100 ਤੋਂ ਵੱਧ ਪ੍ਰਗਤੀਸ਼ੀਲ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ’ਤੇ ਪਹਿਲ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 13 ਕਰੋੜ ਰੁਪਏ ਦੇ ਮੁੱਲ ਦੀਆਂ 613 ਮਸ਼ੀਨਾਂ ਸਬਸਿਡੀ ’ਤੇ ਕਿਸਾਨਾਂ ਲਈ ਯਕੀਨੀ ਬਣਾਉਣ ਤੋਂ ਇਲਾਵਾ ਹੁਣ ਤੱਕ 6956 ਮਸ਼ੀਨਾਂ ਕਿਸਾਨਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਅਜਿਹੇ ਸਾਰਥਕ ਉਪਰਾਲਿਆਂ ਸਦਕਾ ਇਸ ਸਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ 157 ਕੇਸ ਸਾਹਮਣੇ ਆਏ ਜਦਕਿ ਪਿਛਲੇ ਸਾਲ ਇਹ 1196 ਸਨ। ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੁੱਚੇ ਜ਼ਿਲ੍ਹੇ ਵਿੱਚ ਵਾਤਾਰਵਰਣ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ 10 ਲੱਖ ਤੋਂ ਵੱਧ ਪੌਦੇ ਲਗਾਏ ਗਏ।
ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 61 ਰੋਜ਼ਗਾਰ ਕੈਂਪ ਲਗਾਏ ਗਏ ਜਿਸ ਵਿੱਚ 6707 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ। ਮਾਨਸੂਨ ਸੀਜ਼ਨ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਖੁਦ ਨਿੱਜੀ ਦਿਲਚਸਪੀ ਲੈਂਦਿਆਂ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਨੂੰ ਯਕੀਨੀ ਬਣਾਇਆ ਗਿਆ।
ਲੋਕਾਂ ਦੀ ਸਿਹਤ ਵਿੱਚ ਹੋਰ ਸੁਧਾਰ ਲਿਆਉਣ ਦੇ ਮਕਸਦ ਤਹਿਤ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਅਧੀਨ ਵੱਖ-ਵੱਖ 167 ਥਾਵਾਂ ’ਤੇ ਲਗਾਏ ਗਏ ਯੋਗ ਕੈਂਪਾਂ ਤੋਂ 6000 ਤੋਂ ਵੱਧ ਲੋਕਾਂ ਵਲੋਂ ਲਾਭ ਉਠਾਇਆ ਗਿਆ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਇਸ ਪ੍ਰੋਗਰਾਮ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਤਹਿਤ 200 ਨੌਜਵਾਨਾਂ ਨੂੰ ਬਤੌਰ ਯੋਗਾ ਇੰਸਟ੍ਰੱਕਟਰ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ 3000 ਦੇ ਕਰੀਬ ਲੜਕੀਆਂ ਲਈ ਅਨੀਮਿਆ ਖਾਤਮਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੜਕੀਆਂ ਲਈ ਸਵੈ ਸੁਰੱਖਿਆ ਅਤੇ ਸਿਖਲਾਈ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਦੌਰਾਨ ਕਰੀਬ 120 ਲੜਕੀਆਂ ਵਲੋਂ ਸਿਖਲਾਈ ਹਾਸਿਲ ਕੀਤੀ ਗਈ ਜਦਕਿ 60 ਲੜਕੀਆਂ ਵਲੋਂ ਵੱਖ-ਵੱਖ ਕੋਚਿੰਗ ਕਲਾਸਾਂ ਦਾ ਲਾਭ ਉਠਾਇਆ ਜਾ ਰਿਹਾ ਹੈ।
ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸਾਲ ਕਾਇਮ ਕਰਦਿਆਂ 4 ਲੱਖ ਬਿਨੈਕਾਰਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਸੇਵਾ ਕੇਂਦਰਾਂ ਰਾਹੀਂ ਜ਼ਿਲ੍ਹਾ ਜਲੰਧਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੂਬੇ ਭਰ ਵਿੱਚ ਮੋਹਰੀ ਜਿਲ੍ਹਾ ਬਣਿਆ।
ਡਿਪਟੀ ਕਮਿਸ਼ਨਰ ਵਲੋਂ 10,000 ਵਿਦਿਆਰਥੀਆਂ ਨੂੰ ਜਿੰਦਗੀ ਬਚਾਉਣ ਦੇ ਹੁਨਰ ਤੋਂ ਸਿੱਖਿਅਤ ਕਰਨ ਦੇ ਮੰਤਵ ਤਹਿਤ ‘ਚੇਤਨਾ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਹੁਣ ਤੱਕ 3500 ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਉਪਰਾਲਿਆਂ ਦਾ ਮੁੱਖ ਮੰਤਵ ਹੰਗਾਮੀ ਹਲਾਤਾਂ ਜਿਵੇਂ ਸੜਕ ਦੁਰਘਟਨਾਵਾਂ, ਦਿਲ ਤੇ ਮਿਰਗੀ ਦਾ ਦੌਰਾ ਪੈਣ ਸਮੇਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ’ਤੇ ਸਾਲ 2025 ਵਿੱਚ ਜ਼ਿਲ੍ਹਾ ਪ੍ਰਸਾਸਨ ਵਲੋਂ ਅਹਿਮ ਪ੍ਰੋਜੈਕਟਾਂ ਜਿਵੇਂ ਲੰਮਾ ਪਿੰਡ-ਜੰਡੂ ਸਿੰਗਾ ਰੋਡ, ਆਦਮਪੁਰ ਰੋਡ, ਆਦਮਪੁਰ ਹਵਾਈ ਅੱਡੇ ਤੱਕ ਸੁਖਾਲੀ ਪਹੁੰਚ, ਪੀ.ਏ.ਪੀ. ਫਲਾਈ ਓਵਰ ਦਾ ਮੁੱਦਾ, ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਿਆਂ ਉਦਯੋਗਿਕ ਖੇਤਰ ਨੂੰ ਉਤਸ਼ਾਹਿਤ ਕਰਨਾ, ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਬਰਲਟਨ ਪਾਰਕ ਦੇ ਸੁੰਦਰੀਕਰਨ ਜਿਹੇ ਅਨੇਕਾਂ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾਵੇਗਾ। ਇਹ ਉਪਰਾਲੇ ਜ਼ਿਲ੍ਹਾ ਜਲੰਧਰ ਦੀ ਤਰੱਕੀ ਅਤੇ ਲੋਕ ਭਲਾਈ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ।
- +91 99148 68600
- info@livepunjabnews.com