ਜਲੰਧਰ, 25 ਮਈ : ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ 26 ਮਈ ਨੂੰ ਪੈਣ ਜਾ ਰਹੀਆਂ ਵੋਟਾਂ ਲਈ 133 ਪੋਲਿੰਗ ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਈਆਂ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਪੋਲਿੰਗ ਪਾਰਟੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਚੋਣ ਅਮਲੇ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਚੋਣ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 133 ਪੋਲਿੰਗ ਪਾਰਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਹਰੇਕ ਪੋਲਿੰਗ ਪਾਰਟੀ ਵਿੱਚ ਇਕ ਪੀ.ਆਰ.ਓ., ਇਕ ਏ.ਪੀ.ਆਰ.ਓ ਅਤੇ 3 ਪੀ.ਓ. ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਕਰੀਬ 800 ਪੋਲਿੰਗ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ 20 ਫੀਸਦੀ ਰਿਜ਼ਰਵ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪ੍ਰਦਾਨ ਕੀਤੀ ਗਈ ਹੈ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਵਿੱਚ ਕੁੱਲ 1,08,067 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚ 54,943 ਪੁਰਸ਼ ਅਤੇ 53,116 ਮਹਿਲਾ ਅਤੇ 8 ਅਦਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਨਕੋਦਰ ਵਿੱਚ 14173 ਪੁਰਸ਼, 13788 ਮਹਿਲਾ ਤੇ 3 ਅਦਰ ਵੋਟਰਾਂ ਸਮੇਤ 27,964 ਵੋਟਰ ਹਨ। ਇਸੇ ਤਰ੍ਹਾਂ ਨਗਰ ਕੌਂਸਲ ਆਦਮਪੁਰ ਵਿੱਚ 6415 ਪੁਰਸ਼, 6194 ਮਹਿਲਾ ਅਤੇ ਇਕ ਅਦਰ ਵੋਟਰ ਸਮੇਤ 12,610 ਵੋਟਰ, ਕਰਤਾਰਪੁਰ ਵਿੱਚ 10120 ਪੁਰਸ਼, 9614 ਮਹਿਲਾ ਅਤੇ 2 ਅਦਰ ਵੋਟਰਾਂ ਸਮੇਤ 19,736 ਵੋਟਰ, ਨੂਰਮਹਿਲ ਵਿੱਚ 5695 ਪੁਰਸ਼ ਤੇ 5410 ਮਹਿਲਾ ਵੋਟਰਾਂ ਸਮੇਤ 11,105 ਵੋਟਰ ਅਤੇ ਨਗਰ ਕੌਂਸਲ ਫਿਲੌਰ ਵਿੱਚ 9710 ਪੁਰਸ਼, 9468 ਮਹਿਲਾ ਅਤੇ ਇਕ ਅਦਰ ਵੋਟਰ ਸਮੇਤ 19,179 ਵੋਟਰ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਲੋਹੀਆਂ ਵਿੱਚ 7,958 ਵੋਟਰ ਹਨ, ਜਿਨ੍ਹਾਂ ਵਿੱਚ 3914 ਪੁਰਸ਼ ਅਤੇ 4044 ਮਹਿਲਾ ਵੋਟਰ ਸ਼ਾਮਲ ਹਨ ਜਦਕਿ ਨਗਰ ਪੰਚਾਇਤ ਮਹਿਤਪੁਰ ਵਿੱਚ 4916 ਪੁਰਸ਼, 4598 ਮਹਿਲਾ ਅਤੇ ਇਕ ਅਦਰ ਵੋਟਰ ਸਮੇਤ 9,515 ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣਾਂ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55 ਅਤੇ ਨੂਰਮਹਿਲ ਦੇ 13 ਵਾਰਡਾਂ ਲਈ 41 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 63 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਸਨ ਅਤੇ 5 ਉਮੀਦਵਾਰਾਂ ਵੱਲੋਂ ਨਾਜ਼ਦਗੀਆਂ ਵਾਪਸ ਲੈਣ ਉਪਰੰਤ 58 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਸਨ। ਇੱਥੇ ਇੱਕ ਉਮੀਦਵਾਰ ਵੱਲੋਂ ਇਕੋ ਵਾਰਡ ਤੋਂ ਦੋ ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਸ ਕਰਕੇ ਨਗਰ ਕੌਂਸਲ ਫਿਲੌਰ ਤੋਂ ਉਮੀਦਵਾਰਾਂ ਦੀ ਗਿਣਤੀ 57 ਹੈ। ਇਸ ਤੋਂ ਇਲਾਵਾ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 47-47 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਕੁੱਲ 133 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਵੋਟਾਂ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟਰ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 15 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਹੈ ਪਰ ਵਾਰਡ ਵਾਈਜ਼ ਵੋਟਰ ਸੂਚੀ ਵਿੱਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ ਸਮੇਤ ਫੋਟੋ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਹਥਿਆਰ ਲਾਇਸੈਂਸ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਫਰੀਡਮ ਫਾਈਟਰ ਪਹਿਚਾਣ ਕਾਰਡ ਸਮੇਤ ਫੋਟੋ, ਕਿਸੇ ਵੀ ਬੈਂਕ/ਡਾਕਖਾਨੇ ਵਲੋਂ ਜਾਰੀ ਪਾਸ ਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਇਨਸ਼ੋਰੈਂਸ ਸਮਾਰਟ ਕਾਰਡ, ਐਮ.ਪੀਜ਼ ਅਤੇ ਐਮ.ਐਲ.ਏਜ਼ ਨੂੰ ਜਾਰੀ ਆਫੀਸ਼ੀਅਲ ਪਹਿਚਾਣ ਕਾਰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰੀ/ਰਾਜ ਸਰਕਾਰ/ਪੀ.ਐਸ.ਯੂਜ਼./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਸਰਵਿਸ ਪਹਿਚਾਣ ਕਾਰਡ ਸਮੇਤ ਫੋਟੋ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਹਿਚਾਣ ਕਾਰਡ ਸ਼ਾਮਲ ਹਨ।
ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਰੀਬ 1200 ਪੁਲਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਬੂਥਾਂ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ੱਕੀ ਗਤੀਵਿਧੀ, ਝਗੜੇ, ਗੈਰ-ਕਾਨੂੰਨੀ ਕਾਰਵਾਈ ਜਾਂ ਕਾਨੂੰਨ ਦੀ ਉਲੰਘਣਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ 112 ਹੈਲਪਲਾਈਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਵੋਟਰਾਂ ਨੂੰ ਨਿਡਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ।

















































