ਜਲੰਧਰ, 12 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼ਹਿਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਟੀ.ਬੀ. ਦੀ ਬਿਮਾਰੀ ਤੋਂ ਪੀੜਤ 150 ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਮੁਕੀਲਨ ਆਰ (ਆਈ.ਏ.ਐਸ.) ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਟੀ.ਬੀ. ਕੋਈ ਲਾਇਲਾਜ ਬਿਮਾਰੀ ਨਹੀਂ ਹੈ ਬਲਕਿ ਲਗਾਤਾਰ ਦਵਾਈ ਦਾ ਸੇਵਨ ਕਰਨ ਨਾਲ ਠੀਕ ਹੋ ਜਾਂਦੀ ਹੈ।
ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਨੇ ਟੀ.ਬੀ. ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟੀਬੀ ਦੀ ਬਿਮਾਰੀ ਇਲਾਜਯੋਗ ਹੈ। ਇਸ ਲਈ ਬਿਨਾਂ ਦੇਰੀ ਤੋਂ ਸਿਵਲ ਹਸਪਤਾਲ ‘ਚ ਜਾਂਚ ਕਰਵਾ ਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਦੌਰਾਨ ਰੈੱਡ ਕਰਾਸ ਸਕੂਲ ਫਾਰ ਡੈਫ ਅਤੇ ਡੰਬ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਭਾਰਗੋ ਕੈਂਪ, ਅਬਾਦਪੁਰਾ ਸਕੂਲ ਅਤੇ ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੂੰ ਟੀ.ਬੀ. ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਮੁੱਖ ਮਹਿਮਾਨ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਹਰ ਮਹੀਨੇ ਮੁਫ਼ਤ ਪੋਸ਼ਣ ਕਿੱਟਾਂ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਹ ਪੋਸ਼ਣ ਵੰਡ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਚਲਾਈ ਜਾਵੇਗੀ।
ਇਸ ਮੌਕੇ ਦਾਨੀ ਸੱਜਣਾਂ ’ਚ ਸਤਪਾਲ ਸਿੰਘ, ਸੁਰਿੰਦਰ ਸਿੰਘ ਕਾਹਲੋਂ, ਨੇਕ ਰਾਮ, ਸੰਨੀ ਕੁਮਾਰ, ਸੁਨੀਲ ਕੁਮਾਰ, ਅਮਰੀਕ ਸਿੰਘ, ਨਿਤਨ ਚੋਡਾ, ਸੀ਼ਨੂ ਵਿਵੇਕ, ਕਮਲਜੀਤ ਸਿੰਘ, ਗੁਰਦੇਵ ਰਾਜ ਲੰਬੜਦਾਰ, ਅਸ਼ੀਸ਼ ਸੋਹਲ ਸ਼ਾਮਲ ਸਨ।
ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਸਮਾਗਮ ਵਿੱਚ ਸ਼ਾਮਲ ਮਰੀਜ਼ਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬੂਟੇ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।
