ਜਲੰਧਰ: ਡਵੀਜ਼ਨਲ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅੱਜ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ ’ਤੇ 32 ਸਾਲ ਤੋਂ ਵੱਧ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ। ਇਸ ਮੌਕੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।
ਸ਼੍ਰੀ ਸੱਭਰਵਾਲ, ਜੋ ਕਿ ਮੌਜੂਦਾ ਸਮੇਂ ਡਵੀਜ਼ਨਲ ਕਮਿਸ਼ਨਰ ਜਲੰਧਰ ਦੇ ਅਹੁਦੇ ’ਤੇ ਤਾਇਨਾਤ ਸਨ, 1992 ਤੋਂ ਐਗਜ਼ੀਕਿਊਟਿਵ ਮੈਜਿਸਟ੍ਰੇਟ ਗੁਰਦਾਸਪੁਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਦਾਸਪੁਰ, ਐਸ.ਡੀ.ਐਮ. ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਅਜਨਾਲਾ, ਤਰਨ ਤਾਰਨ, ਖੰਨਾ, ਮਾਲੇਰਕੋਟਲਾ ਅਤੇ ਗਿੱਦੜਬਾਹਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਦਾਸਪੁਰ ਤੇ ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ, ਇਸਟੇਟ ਅਫ਼ਸਰ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਅੰਮ੍ਰਿਤਸਰ, ਚੇਅਰਮੈਨ ਇੰਪਰੂਪਮੈਂਟ ਟਰੱਸਟ ਅੰਮ੍ਰਿਤਸਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਤੇ ਲੁਧਿਆਣਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨ ਤਾਰਨ, ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਡਾਇਰੈਕਟਰ ਜਨਰਲ ਆਫ਼ ਸੈਕੰਡਰੀ ਸਿੱਖਿਆ, ਸਟੇਟ ਟਰਾਂਸਪੋਰਟ ਵਿਭਾਗ ਪੰਜਾਬ ਵਿੱਚ ਸਕੱਤਰ ਟਰਾਂਸਪੋਰਟ ਪੰਜਾਬ ਵਰਗੇ ਅਹਿਮ ਪ੍ਰਸ਼ਾਸਨਿਕ ਅਹੁਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।
ਡਿਊਟੀ ਪ੍ਰਤੀ ਇਮਾਨਦਾਰੀ, ਸਮਰਪਣ ਦੇ ਚੱਲਦਿਆਂ ਉਨ੍ਹਾਂ ਨੂੰ ਕਈ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਸਾਲ 2018 ਵਿੱਚ ਬਤੌਰ ਡਿਪਟੀ ਕਮਿਸ਼ਨਰ ਸ਼੍ਰੀ ਸੱਭਰਵਾਲ ਦੀ ਕੁਸ਼ਲ ਅਗਵਾਈ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਲਈ ਜ਼ਿਲ੍ਹਾ ਤਰਨ ਤਾਰਨ ਨੂੰ ਆਲ ਇੰਡੀਆ ਪੱਧਰ ’ਤੇ ਚੌਥਾ ਸਥਾਨ ਹਾਸਲ ਕਰਨ ’ਤੇ ਉਨ੍ਹਾਂ ਨੂੰ ਉਸ ਸਮੇਂ ਦੇ ਪ੍ਰਧਾਨ ਮੰਤਰੀ ਵੱਲੋਂ ਸਪੈਸ਼ਲ ਕੰਮੇਨਡੇਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਸਾਲ 2013 ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰਾਵੀ ਦਰਿਆ ਵਿੱਚ ਹੜ੍ਹ ਵਰਗੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਅਤੇ ਇਸੇ ਸਾਲ ਭਾਗਵਾਨ ਵਾਲਮੀਕਿ ਰਾਮ ਤੀਰਥ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਨਦਾਰ ਪ੍ਰਬੰਧਨ ਲਈ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਵੱਲੋਂ ਪ੍ਰਸ਼ੰਸਾ ਪੱਤਰ ਨਾਲ ਨਵਾਜ਼ਿਆ ਗਿਆ।
ਸਾਲ 2018 ਵਿੱਚ ਸਰਕਾਰ ਦੀ ਮਹੱਤਵਪੂਰਣ ਸਕੀਮ ਨੂੰ ਜ਼ਮੀਨੀ ਪੱਧਰ ’ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਵਿਸ਼ੇਸ਼ ਪ੍ਰਸ਼ੰਸਾ ਪ੍ਰਾਪਤ ਹੋਈ।
ਬਤੌਰ ਡਿਪਟੀ ਕਮਿਸ਼ਨਰ ਤਰਨ ਤਾਰਨ ਸਾਲ 2018 ਦੌਰਾਨ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਦੇ ਉਸ ਸਮੇਂ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸ਼੍ਰੀ ਸੱਭਰਵਾਲ ਨੂੰ ਪ੍ਰਸ਼ੰਸਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।
ਸਾਲ 2021 ਵਿੱਚ ਸਕੱਤਰ ਆਵਾਸ ਤੇ ਸ਼ਹਿਰੀ ਮਾਮਲੇ ਮੰਤਰਾਲੇ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਬਤੌਰ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਮਿੰਨੀ ਰੋਜ਼ ਪਾਰਕ ਦੀ ਦਿੱਖ ਸੰਵਾਰਨ, ਸ਼ਹੀਦ ਕਰਤਾਰ ਸਿੰਘ ਸਰਾਭਾ ਨਗਰ ਮਾਰਕੀਟ ਦੀ ਨੁਹਾਰ ਬਦਲਣ, ਐਨੀਮਲ ਹਸਬੈਂਡਰੀ ਤੇ ਬਰਥ ਕੰਟਰੋਲ ਸੈਂਟਰ ਦੀ ਸਥਾਪਤੀ ਅਤੇ ਸਿੱਧਵਾਂ ਕਨਾਲ ਵਾਟਰਫਰੰਟ ਦੇ ਵਿਕਾਸ ਵਰਗੇ ਅਹਿਮ ਪ੍ਰਾਜੈਕਟਾਂ ਦੇ ਕਰਵਾਏ ਕੰਮਾਂ ਨੂੰ ਵਿਸ਼ੇਸ਼ ਤੌਰ ’ਤੇ ਸਲਾਹਿਆ।
ਸਕੱਤਰ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸਰਾਭਾ ਨਗਰ ਵਿਖੇ ਸਿੱਧਵਾਂ ਕਨਾਲ ਵਾਟਰ ਫਰੰਟ ਦਾ ਦੌਰਾ ਕੀਤਾ, ਜੋ ਕਿ ਹਰ ਉਮਰ ਦੇ ਲੋਕਾਂ ਲਈ ਮਨਪਸੰਦ ਮਨੋਰੰਜਨ ਅਤੇ ਸਿਹਤ ਸਪਾਟ ਬਣ ਗਿਆ ਹੈ।
ਉਨ੍ਹਾਂ ਟਵੀਟ ਕੀਤਾ ਕਿ ਇਸ ਵਿੱਚ ਇੱਕ ਕਿਲੋਮੀਟਰ ਲੰਮਾ ਪੈਦਲ ਅਤੇ ਸਾਈਕਲਿੰਗ ਟਰੈਕ, ਬੈਠਣ ਦੀ ਜਗ੍ਹਾ, ਚੇਨ-ਲਿੰਕ ਵਾੜ, ਜਨਤਕ ਸਹੂਲਤਾਂ, ਸੋਲਰ ਪੈਨਲ, ਲਾਈਟਾਂ, ਓਪਨ ਜਿਮ, ਬੱਚਿਆਂ ਦੇ ਖੇਡਣ ਲਈ ਜਗ੍ਹਾ ਸ਼ਾਮਲ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਇਹ ਦੇਖ ਕੇ ਬੜੀ ਖੁਸ਼ੀ ਹੋਈ ਹੈ ਕਿ ਕਿਵੇਂ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਇਨ੍ਹਾਂ ਸਹੂਲਤਾਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।
ਸ਼੍ਰੀ ਸੱਭਰਵਾਲ ਨੇ ਨਸ਼ਿਆਂ ਖਿਲਾਫ਼ ਪ੍ਰੋਗਰਾਮ ਵਿੱਚ ਵੀ ਵੱਡਾ ਯੋਗਦਾਨ ਪਾਇਆ। ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਉਨ੍ਹਾਂ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਿੱਜੀ ਦਿਲਚਸਪੀ ਲੈਂਦਿਆਂ ਜ਼ਿਲ੍ਹੇ ਦੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨ ਕਰਨ ਦੀ ਮੁਹਿੰਮ ਦਾ ਆਗਾਜ਼ ਕੀਤਾ, ਜਿਸ ਤਹਿਤ ਪੰਜਾਬ ਵਿੱਚ ਪਹਿਲੀ ਵਾਰੀ ਜ਼ਿਲ੍ਹੇ ਦੇ ਤਿੰਨ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ ਗਿਆ।
ਡਵੀਜ਼ਨਲ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੀ ਸੱਭਰਵਾਲ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਸੱਭਰਵਾਲ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਨੂੰ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਅਤੇ ਭਲਾਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਕਿਹਾ।
- +91 99148 68600
- info@livepunjabnews.com