ਜਲੰਧਰ, 13 ਜੂਨ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰ ਜਲੰਧਰ ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਪ੍ਰਮੁੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਐਨ.ਜੀ.ਓਜ਼ ਵੱਲੋਂ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਸਹੂਲਤ ਲਈ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।
ਡਾ. ਅਗਰਵਾਲ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਜਲੰਧਰ ਨੂੰ ਸਾਫ਼-ਸੁਥਰੇ ਅਤੇ ਹਰੇ-ਭਰੇ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਬੂਟੇ ਲਗਾਉਣ ਦੀ ਮੁਹਿੰਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਮਾਨਸੂਨ ਸੀਜ਼ਨ ਦੌਰਾਨ 45 ਲੱਖ ਬੂਟੇ ਲਾਉਣ ਦੀ ਯੋਜਨਾ ਦਾ ਐਲਾਨ ਕਰਦਿਆਂ ਇਸ ਵਾਤਾਵਰਣ ਪੱਖੀ ਪਹਿਲਕਦਮੀ ਵਿੱਚ ਗੈਰ-ਸਰਕਾਰੀ ਸੰਗਠਨਾਂ ਦੀ ਮਹੱਤਵਪੂਰਣ ਭੂਮਿਕਾ ‘ਤੇ ਜ਼ੋਰ ਦਿੱਤਾ।
ਇਸ ਉਪਰਾਲੇ ਤਹਿਤ ਪ੍ਰਸ਼ਾਸਨ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੌਰਾਨ ਸਾਰੇ 181 ਪੋਲਿੰਗ ਬੂਥਾਂ ‘ਤੇ ਵੋਟਰਾਂ ਨੂੰ ਬੂਟੇ ਵੰਡੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਸਮਾਜਿਕ ਅਸਮਾਨਤਾ ਨੂੰ ਖ਼ਤਮ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਗੈਰ ਸਰਕਾਰੀ ਸੰਗਠਨਾਂ ਨੂੰ ਵੱਖ-ਵੱਖ ਸਮਾਜਿਕ ਪਹਿਲਕਦਮੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦਾ ਸੱਦਾ ਵੀ ਦਿੱਤਾ।
ਉਨ੍ਹਾਂ ਰਾਸ਼ਟਰੀ ਵਿਕਾਸ ਵਿੱਚ ਸਿਵਲ ਸੁਸਾਇਟੀ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਗੈਰ- ਸਰਕਾਰੀ ਸੰਗਠਨਾਂ ਨੂੰ ਸਮਾਜ ਦੇ ਲੋੜਵੰਦ ਵਰਗਾਂ ਦੀ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਐਨ.ਜੀ.ਓਜ਼ ਨੂੰ ਜਿਮਨੀ ਚੋਣਾਂ ਦੌਰਾਨ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਸੁਵਿਧਾ ਲਈ ਇੱਕ ਵਾਰ ਫਿਰ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਅਤੇ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ।
![](https://livepunjabnews.com/wp-content/uploads/2025/02/IMG-20250205-WA0001-300x202.jpg)