ਚੋਣ ਆਬਜਰਵਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਜਲੰਧਰ, 13 ਦਸੰਬਰ : ਚੋਣ ਆਬਜ਼ਰਵਰ ਸ਼੍ਰੀਮਤੀ ਨਯਨ ਵਲੋਂ ਅੱਜ 14 ਦਸੰਬਰ 2025 ਨੂੰ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ।

ਲਾਇਲਪੁਰ ਖਾਲਸਾ ਕਾਲਜ ਵਿਖੇ ਪੋਲਿੰਗ ਪਾਰਟੀਆਂ ਰਵਾਨਾ ਕਰਨ ਲਈ ਬਣਾਏ ਗਏ ਡਿਸਪੈਚ ਸੈਂਟਰ ਵਿਖੇ ਗੱਲਬਾਤ ਕਰਦਿਆਂ ਚੋਣ ਆਬਜਰਵਰ ਨੇ ਸਮੂਹ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਤੇ ਸੰਜੀਦਗੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਸ੍ਰੀਮਤੀ ਨਯਨ ਵਲੋਂ ਪੋਲਿੰਗ ਪਾਰਟੀ ਰਵਾਨਾ ਕਰਨ ਸਬੰਧੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਚੋਣ ਪ੍ਰਕਿਰਿਆ ਨੂੰ ਸਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਅਮਲੇ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।

ਇਸ ਉਪਰੰਤ ਚੋਣ ਆਬਜਰਵਰ ਵਲੋਂ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਬੱਧ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਉਨ੍ਹਾਂ ਪੋਲਿੰਗ ਬੂਥਾਂ ਉੱਪਰ ਸੁਰੱਖਿਆ ਦੇ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਪੁਲਿਸ ਕਰਮੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨੂੰ ਸ਼ਾਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਮੁੱਚੀ ਪ੍ਰਕਿਰਿਆ ਉਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ।

ਚੋਣ ਆਬਜਰਵਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਲਈ 14 ਦਸੰਬਰ 2025 ਨੂੰ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਨੀਲਮ ਮਹੇ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top