ਜਲੰਧਰ, 24 ਮਾਰਚ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅਧਿਕਾਰੀਆਂ ਨੂੰ 31 ਮਾਰਚ ਤੱਕ ਨਸ਼ਿਆਂ ਖਿਲਾਫ਼ ਵਿਆਪਕ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਪ੍ਰੀਤ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਸਮੇਤ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮੀਟਿੰਗ ਕਰਦਿਆਂ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਯੋਜਨਾ ਵਿੱਚ ਰੋਕਥਾਮ, ਜਾਗਰੂਕਤਾ ਅਤੇ ਮੁੜ ਵਸੇਬੇ ਦੇ ਸਾਰੇ ਪੱਖ ਸ਼ਾਮਲ ਕੀਤੇ ਜਾਣ ਤਾਂ ਜੋ ਇਸ ਸਮੱਸਿਆ ਨਾਲ ਹਰ ਪੱਧਰ ’ਤੇ ਵਧੇਰੇ ਅਸਰਦਾਰ ਢੰਗ ਨਾਲ ਨਜਿੱਠਿਆ ਜਾ ਸਕੇ।
ਜਾਗਰੂਕਤਾ ਮੁਹਿੰਮਾਂ ਨੂੰ ਲਗਾਤਾਰ ਜਾਰੀ ਰੱਖਣ ਦੀ ਹਦਾਇਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਵੀ ਕਰਵਾਏ ਜਾਣ। ਇਸ ਤੋਂ ਇਲਾਵਾ ਡਰਾਪ ਆਊਟ ਵਿਦਿਆਰਥੀਆਂ, ਜੋ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋਣ ਦੀ ਵਧੇਰੇ ਸੰਭਾਵਨਾ ਰੱਖਦੇ ਹਨ, ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਉਨ੍ਹਾਂ ਨੂੰ ਮੁੜ ਸਿੱਖਿਆ ਪ੍ਰਣਾਲੀ ਨਾਲ ਜੋੜਿਆ ਜਾਵੇ। ਉਨ੍ਹਾਂ ਸਕੂਲਾਂ ਵਿੱਚ ਪੁਲਿਸ ਅਤੇ ਫੌਜ ਵਿੱਚ ਭਰਤੀ ਸੰਬੰਧੀ ਜਾਣਕਾਰੀ ਅਤੇ ਮਾਪਦੰਡ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਿਦਿਆਰਥੀਆਂ ਨੂੰ ਸਰੀਰਿਕ ਫਿਟਨੈੱਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਸਰਿੰਜ ਦੀ ਵਿਕਰੀ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਮਿਸਟ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਲਿਆਂਦੀ ਜਾਵੇਗੀ।
ਨਸ਼ੇ ’ਤੇ ਨਿਰਭਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮੁੜ ਵਸੇਬੇ ਦੇ ਨਾਲ-ਨਾਲ ਉਨ੍ਹਾਂ ਨੂੰ ਹੁਨਰ ਸਿਖ਼ਲਾਈ ਰਾਹੀਂ ਰੋਜ਼ਗਾਰ ਜਾਂ ਸਵੈ ਰੋਜ਼ਗਾਰ ਦੇ ਯੋਗ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਮੁੜ ਕਦੇ ਵੀ ਨਸ਼ਿਆਂ ਵੱਲ ਨਾ ਪਰਤਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ਼ ਪੂਰੇ ਤਾਲਮੇਲ ਨਾਲ ਅਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

















































