ਜਲੰਧਰ, 3 ਜੂਨ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੰਡਰ ਏਜ ਡਰਾਈਵਿੰਗ, ਓਵਰਲੋਡਿੰਗ, ਓਵਰ ਹਾਈਟ ਵਾਹਨਾਂ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਪਬਲਿਕ ਟਰਾਂਸਪੋਰਟ ਖਾਸ ਕਰ ਆਟੋ ਰਿਕਸ਼ਿਆਂ ’ਚ ਓਵਰਲੋਡਿੰਗ ਨੂੰ ਰੋਕਣ ਲਈ ਵਿਸ਼ੇਸ਼ ਤਵਜੋਂ ਦੇਣ ਦੇ ਨਿਰਦੇਸ਼ ਦਿੰਦਿਆਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਕਿਹਾ। ਬਲੈਕ ਸਪਾਟਸ ਨੂੰ ਠੀਕ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਐਸ.ਡੀ.ਐਮਜ਼ ਨੂੰ ਪੁਲਿਸ ਵਿਭਾਗ ਅਤੇ ਸਬੰਧਤ ਰੋਡ ਏਜੰਸੀ ਨਾਲ ਸਾਂਝੇ ਤੌਰ ’ਤੇ ਮੌਕੇ ਦਾ ਮੁਆਇਨਾ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ ਜਲੰਧਰ, ਪੀ.ਡਬਲਯੂ.ਡੀ. ਤੇ ਮੰਡੀਬੋਰਡ ਨੂੰ ਨਿਰਦੇਸ਼ ਦਿੱਤੇ ਕਿ ਸੜਕ ’ਤੇ ਪੈਦਲ ਚੱਲਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੀਤੇ ਜਾ ਸਕਣ ਵਾਲੇ ਕਾਰਜਾਂ ਸਬੰਧੀ ਵਿਸਥਾਰਤ ਯੋਜਨਾ ਤਿਆਰ ਕਰਕੇ ਪੇਸ਼ ਕੀਤੀ ਜਾਵੇ ਤਾਂ ਜੋ ਉਸ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਸੜਕ ਕੰਢੇ ਝਾੜੀਆਂ ਆਦਿ ਦੀ ਕਟਾਈ, ਟੁੱਟੀਆਂ ਸੜਕਾਂ ਦੀ ਮੁਰੰਮਤ, ਹਿੱਟ ਐਂਡ ਰਨ ਦੇ ਸਾਰੇ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਇੰਨ-ਬਿੰਨ ਲਾਗੂ ਕਰਨ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਟ੍ਰੈਫਿਕ ਲਾਈਟਾਂ, ਸਪੀਡ ਬ੍ਰੇਕਰ ਆਦਿ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ ਅਤੇ ਸੜਕ ਹਾਦਸਿਆਂ ਲਈ ਜ਼ਿੰਮੇਵਾਰ ਕਾਰਨਾਂ ਨੂੰ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਸਕੱਤਰ, ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਏ.ਟੀ.ਓ. ਵਿਸ਼ਾਲ ਗੋਇਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

















































