Click on the Edit Content button to edit/add the content.

ਮੁਲਾਜ਼ਮ ਜਥੇਬੰਦੀਆਂ ਜਲੰਧਰ ਮੇਹਰ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਕਰਨ ਪ੍ਰਦਰਸ਼ਨ – ਰਾਣਾ

ਜਲੰਧਰ, 24 ਅਗਸਤ: ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਦੇ ਬਾਵਜੂਦ ਪੰਜਾਬ ਦੀ ਮੌਜੂਦਾ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਸਰਕਾਰ ਤੋਂ ਤੰਗ ਆਏ ਮੁਲਾਜ਼ਮਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜ਼ਾਹਿਰ ਕਰਦਿਆਂ ਜਲੰਧਰ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਸੜਕਾਂ ’ਤੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਾਰਨ ਸ਼ਹਿਰ ਦੀ ਆਮ ਜਨਤਾ ਨੂੰ ਆਵਾਜਾਈ ਅਤੇ ਬਦਬੂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵਿਚਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਆਪਣੀ ਟੀਮ ਸਮੇਤ ਜਲੰਧਰ ਸ਼ਹਿਰ ਦੇ ਵੱਖ-ਵੱਖ ਚੌਕਾਂ—ਕਿਸ਼ਨਪੁਰਾ, ਲੰਮਾ ਪਿੰਡ, ਦੁਆਬਾ ਚੌਕ ਅਤੇ ਪਠਾਨਕੋਟ ਚੌਕ—ਦਾ ਵਿਸ਼ੇਸ਼ ਦੌਰਾ ਕਰਨ ਉਪਰੰਤ ਪ੍ਰੈੱਸ ਨਾਲ ਸਾਂਝੇ ਕੀਤੇ।

ਰਣਜੀਤ ਸਿੰਘ ਰਾਣਾ ਨੇ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪਰ ਜਿਸ ਤਰ੍ਹਾਂ ਅੱਜ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਉਸ ਕਾਰਨ ਚੌਕਾਂ ਅਤੇ ਸੜਕਾਂ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਜਥੇਬੰਦੀਆਂ ਦੇ ਹੱਕੀ ਸੰਘਰਸ਼ ਅਤੇ ਮੰਗਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਹੈ ਤਾਂ ਅਜਿਹੀ ਕਾਰਵਾਈ ਆਮ ਜਨਤਾ ਨੂੰ ਪਰੇਸ਼ਾਨ ਕਰਨ ਦੀ ਬਜਾਏ ਸਰਕਾਰ ਦੇ ਜ਼ਿੰਮੇਵਾਰ ਮੰਤਰੀਆਂ, ਸਬੰਧਤ ਵਿਭਾਗਾਂ ਦੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਜਾਂ ਦਫ਼ਤਰਾਂ ਅੱਗੇ ਕੀਤੀ ਜਾਵੇ।

ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਮੁਲਾਜ਼ਮ ਜਥੇਬੰਦੀਆਂ ਨੂੰ ਆਪਣਾ ਧਿਆਨ ਸਰਕਾਰ ਅਤੇ ਉਸ ਦੇ ਨੁਮਾਇੰਦਿਆਂ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਪੂਰਨ ਸਮਰਥਨ ਕਰਦੇ ਹਾਂ, ਪਰ ਨਾਲ ਹੀ ਅਪੀਲ ਕਰਦੇ ਹਾਂ ਕਿ ਆਮ ਜਨਤਾ ਨੂੰ ਪਰੇਸ਼ਾਨ ਕਰਨ ਦੀ ਬਜਾਏ ਸਰਕਾਰ ’ਤੇ ਦਬਾਅ ਬਣਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

ਇਸ ਮੌਕੇ ਉਨ੍ਹਾਂ ਦੇ ਨਾਲ ਸਤਿੰਦਰ ਸਿੰਘ ਪੀਤਾ, ਸੀਨੀਅਰ ਅਕਾਲੀ ਆਗੂ ਤੇ ਸਰਕਲ ਪ੍ਰਧਾਨ, ਸੋਢਲ, ਜਗਜੀਤ ਸਿੰਘ ਖਾਲਸਾ, ਸਰਕਲ ਪ੍ਰਧਾਨ ਕਿਸ਼ਨਪੁਰਾ, ਮਹਿੰਦਰ ਸਿੰਘ ਜੰਬਾ, ਸਰਕਲ ਪ੍ਰਧਾਨ ਸੰਤੋਖਪੁਰਾ, ਦਿਲਜੀਤ ਸਿੰਘ ਲੰਮਾ ਪਿੰਡ, ਹਰਪ੍ਰੀਤ ਸਿੰਘ ਉਰਫ਼ ਅਕਾਲ ਸਿੰਘ, ਸੁਰਿੰਦਰ ਸਿੰਘ ਰਾਜ, ਸੁਰਿੰਦਰ ਪਾਲ ਪੱਪਾ ਅਤੇ ਰਾਜਵੀਰ ਸਿੰਘ ਖਾਲਸਾ ਹਾਜ਼ਰ ਸਨ।

Table of Contents

Scroll to Top