ਜ਼ਿਲ੍ਹੇ ’ਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਜਲੰਧਰ – ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਟਰੱਕ ਯੂਨੀਅਨ ਦੇ ਨੁਮਾਇੰਦਿਆਂ, ਉਪ ਮੰਡਲ ਮੈਜਿਸਟਰੇਟਾਂ ਅਤੇ ਖ਼ਰੀਦ ਏਜੰਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਆਮਦ ਦੇ ਮੱਦੇਨਜ਼ਰ ਨਿਰਧਾਰਿਤ ਸਮੇਂ ਅੰਦਰ ਖ਼ਰੀਦ ਤੇ ਤੁਰੰਤ ਚੁਕਾਈ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਸਬੰਧਿਤ ਧਿਰਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਡਾ.ਅਗਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ, ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ  ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਮੰਡੀਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 80 ਮੰਡੀਆਂ ਵਿੱਚ 5.17 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਹਾਸਿਲ ਕਰਨ ਲਈ ਖਰੀਦ ਏਜੰਸੀਆਂ ਵਲੋਂ ਪਹਿਲਾਂ ਹੀ ਕਾਫ਼ੀ ਮਾਤਰਾ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਾ.ਅਗਰਵਾਲ ਵਲੋਂ ਟੀਚੇ ਦੀ ਪ੍ਰਾਪਤੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਗਲੇ 10 ਦਿਨ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਬਹੁਤ ਅਹਿਮ ਹਨ।
ਡਾ.ਅਗਰਵਾਲ ਨੇ ਪ੍ਰਸ਼ਾਸਨ ਵਲੋਂ ਅਸਰਦਾਰ ਅਤੇ ਪਾਰਦਰਸ਼ੀ ਢੰਗ ਨਾਲ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ, ਸਮੇਂ ਸਿਰ ਅਦਾਇਗੀ ਅਤੇ ਕਣਕ ਦੀ ਖ਼ਰੀਦ ਸਬੰਧੀ ਨਿਰਧਾਰਿਤ ਕੋਟੇ ਨੂੰ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਚੁਕਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ, ਉਪ ਮੰਡਲ ਮੈਜਿਸਟਰੇਟ ਅਮਨਪਾਲ ਸਿੰਘ, ਅਮਨਪ੍ਰੀਤ ਸਿੰਘ, ਰਿਸ਼ਭ ਬਾਂਸਲ, ਬਲਬੀਰ ਰਾਜ ਅਤੇ ਡਾ. ਜੈ ਇੰਦਰ ਸਿੰਘ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top