ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਝੋਨੇ ਦੀ ਖ਼ਰੀਦ ਪ੍ਰਕਿਰਿਆ : ਡਿਪਟੀ ਕਮਿਸ਼ਨਰ

ਜਲੰਧਰ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਉਪਜ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਝੋਨੇ ਦੀ ਸਰਕਾਰੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਖ਼ਰੀਦ ਸੀਜ਼ਨ ਦੌਰਾਨ 1082253 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨ੍ਹਾਂ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।
ਡਾ. ਅਗਰਵਾਲ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ ਵਿੱਚ 79 ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬਿਜਲੀ, ਲਾਈਟਾਂ, ਸਾਫ-ਸਫਾਈ, ਪਖਾਨੇ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਧਾਰਿਤ ਮਾਪਦੰਡ ਅਨੁਸਾਰ ਮੰਡੀਆਂ ਵਿੱਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਤਾਂ ਜੋ ਬਿਨਾਂ ਕਿਸੇ ਦਿੱਕਤ ਦੇ ਫ਼ਸਲ ਦੀ ਖ਼ਰੀਦ ਹੋ ਸਕੇ।
ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਰਾਤ ਨੂੰ ਹਾਰਵੈਸਟ ਕੰਬਾਈਨ ਦੀ ਵਰਤੋਂ ਨਾ ਕਰਨ ਅਤੇ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਵਾਈ ਜਾਵੇ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ।
ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਕੰਬਾਈਨ ਨਾਲ ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ. ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ.ਐਮ.ਐਸ. ਤੋਂ ਨਹੀਂ ਚੱਲਣੀ ਚਾਹੀਦੀ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਡੀ.ਐਫ.ਐਸ.ਸੀ. ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਆਦਿ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top