ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ਵਿਖੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ

ਜਲੰਧਰ, 11 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਲਾਡੋਵਾਲੀ ਰੋਡ ਸਥਿਤ ‘ਸਕੂਲ ਆਫ਼ ਐਮੀਨੈਂਸ’ ਵਿਖੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਦਾ ਰਸਮੀ ਉਦਘਾਟਨ ਕੀਤਾ। ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ, ਜਲੰਧਰ ਵੱਲੋਂ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ 11 ਨਵੰਬਰ ਤੋਂ 14 ਨਵੰਬਰ, 2026 ਤੱਕ ਕੁਰਾਸ਼ ਅਤੇ ਮਾਰਸ਼ਲ ਆਰਟਸ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀ ਅੰਡਰ-14, ਅੰਡਰ-17 ਅਤੇ ਅੰਡਰ-19 (ਲੜਕੇ) ਵਰਗਾਂ ਵਿੱਚ ਹਿੱਸਾ ਲੈ ਰਹੇ ਹਨ।

ਕੈਬਨਿਟ ਮੰਤਰੀ ਨੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ‘ਆਪ’ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਸਮੇਤ ਰਿਬਨ ਕੱਟ ਕੇ ਇਸ ਖੇਡ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਭਾਗੀਦਾਰਾਂ ਨੂੰ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਅਤੇ ਇੱਕ ਜੇਤੂ (ਚੈਂਪੀਅਨ) ਵਰਗੀ ਸੋਚ ਅਪਣਾਉਣ ਲਈ ਉਤਸ਼ਾਹਿਤ ਕੀਤਾ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਸੋਚ ‘ਤੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪ੍ਰਭਾਵਸ਼ਾਲੀ ਪਹਿਲਕਦਮੀਆਂ ਰਾਹੀਂ ਪੂਰੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਹੈ।

ਸ੍ਰੀ ਭਗਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ, ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਅਤੇ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜੀ ਰੱਖਣ ਲਈ ਮੁਕਾਬਲੇ ਵਾਲੀਆਂ ਖੇਡਾਂ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੰਤਰ-ਜ਼ਿਲ੍ਹਾ ਖੇਡਾਂ ਵਿੱਚ ਮਿਲੀ ਸਫ਼ਲਤਾ ਨੌਜਵਾਨਾਂ ਲਈ ਇੱਕ ਅਜਿਹੇ ਪਲੇਟਫਾਰਮ ਦਾ ਕੰਮ ਕਰਦਾ ਹੈ, ਜਿਸ ਰਾਹੀਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ ਕਰ ਸਕਦੇ ਹਨ।

ਇਸ ਦੌਰਾਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਇਨ੍ਹਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਹਾਕੀ ਵਿੱਚ ਹਾਲ ਹੀ ਵਿੱਚ ਪ੍ਰਾਪਤ ਕੀਤੀਆਂ ਰਾਸ਼ਟਰੀ ਉਪਲਬਧੀਆਂ ਅਤੇ ਪੰਜਾਬ ਵੱਲੋਂ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਉਭਰਦੇ ਖਿਡਾਰੀ ਭਵਿੱਖ ਵਿੱਚ ਵੀ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣਗੇ।

Table of Contents

Scroll to Top