ਜਲੰਧਰ, 24 ਅਗਸਤ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਗੋਪਾਲ ਨਗਰ ਇਲਾਕੇ ਵਿੱਚ ਨਸ਼ਾ ਤੱਸਕਰੀ ਨਾਲ ਸਬੰਧਤ ਦੋ ਭਰਾਵਾਂ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ਼ ਮੰਨਾ ਵਾਸੀ ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਵੇਂ ਨਸ਼ਾ ਤਸਕਰ ਹਨ, ਜਿਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਤਹਿਤ 10 ਮੁਕੱਦਮੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਸਗੋਂ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਮੁਕਤ ਵੀ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।
ਸਥਾਨਕ ਨਿਵਾਸੀਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਇਸ ਕਦਮ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਮਿਲੇਗਾ ਅਤੇ ਲੋਕਾਂ ਵਿੱਚ ਵੀ ਵਿਸ਼ਵਾਸ ਵਧੇਗਾ। ਲੋਕਾਂ ਨੇ ਇਨ੍ਹਾਂ ਕਾਰਵਾਈਆਂ ਨੂੰ ਸੂਬੇ ਦੀ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਣ ਕਦਮ ਦੱਸਿਆ।
