ਜਲੰਧਰ, 10 ਮਈ : ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੱਲੋਂ ਅੱਜ ਜ਼ਿਲ੍ਹੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਇੰਟੈਗ੍ਰੇਟਿਡ ਕਮਾਂਡ ਤੇ ਕੰਟਰੋਲ ਸੈਂਟਰ(ਆਈ.ਸੀ.ਸੀ.ਸੀ) ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇੰਟੈਗ੍ਰੇਟਿਡ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਜ਼ਿਲ੍ਹੇ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਨਾਗਰਿਕ ਕਿਸੇ ਵੀ ਸ਼ੱਕੀ ਡ੍ਰੋਨ ਗਤੀਵਿਧੀ ਜਾਂ ਹੋਰ ਮੁੱਦਿਆਂ ਸਬੰਧੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਦੇ ਨੰਬਰ 0181-2224417 ‘ਤੇ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲ, ਖਾਸ ਕਰ ਜਨਤਕ ਸੁਰੱਖਿਆ ਲਈ ਜਾਰੀ ਬਲੈਕਆਊਟ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਉਨ੍ਹਾਂ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਫੇਕ ਨਿਊਜ਼ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਨ ਦੇ ਨਾਲ-ਨਾਲ ਅਧਿਕਾਰੀਆਂ ਨੂੰ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ‘ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੀ ਸੁਰੱਖਿਆ ਲਈ ਪੁਲਿਸ ਟੀਮਾਂ ਸਰਗਰਮੀ ਨਾਲ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਦੇਣ ਲਈ ਨਾਗਰਿਕ 112 ਨੰਬਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਨਤਕ ਸਹਿਯੋਗ ਦੀ ਅਪੀਲ ਵੀ ਕੀਤੀ।
ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨ ਪੰਜਾਬ ਸਰਕਾਰ ਦੀ ਸਥਿਤੀ ਨੂੰ ਸਰਗਰਮੀ ਨਾਲ ਸੰਭਾਲਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ, ਜਿਸ ਨਾਲ ਜਨਤਕ ਹਿੱਤਾਂ ਦੀ ਰਾਖੀ ਕਰਦਿਆਂ ਕਾਨੂੰਨ ਵਿਵਸਥਾ ਵੀ ਬਰਕਰਾਰ ਰਹੇ।
——