ਡਿਪਟੀ ਕਮਿਸ਼ਨਰ ਵੱਲੋਂ ਲੰਮਾ ਪਿੰਡ-ਜੰਡੂ ਸਿੰਘਾ ਤੇ ਧੋਗੜੀ ਰੋਡ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਨਿਰੀਖਣ

ਜਲੰਧਰ, 2 ਜੁਲਾਈ – ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੰਮਾ ਪਿੰਡ ਅਤੇ ਧੋਗੜੀ ਰੋਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੰਮਾ ਪਿੰਡ-ਜੰਡੂ ਸਿੰਘਾ ਰੋਡ ਅਤੇ ਧੋਗੜੀ ਰੋਡ ਨੂੰ ਚੌੜਾ ਕਰਨ ਅਤੇ ਨਿਰਮਾਣ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਾ. ਅਗਰਵਾਲ ਨੇ ਰੋਜ਼ਾਨਾ ਇਨ੍ਹਾਂ ਸੜਕਾਂ ਤੋਂ ਲੰਘਣ ਵਾਲੇ ਵੱਡੀ ਗਿਣਤੀ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦੇ 5 ਕਿਲੋਮੀਟਰ ਦੇ ਹਿੱਸੇ ਦੇ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਬਿਜਲੀ ਦੇ ਖੰਭੇ ਤੁਰੰਤ ਤਬਦੀਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਸ ਸੜਕ ਦੇ ਮੁਕੰਮਲ ਹੋਣ ਨਾਲ ਜਲੰਧਰ ਤੇ ਹੁਸ਼ਿਆਰਪੁਰ ਦਰਮਿਆਨ ਰਾਹਗੀਰਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਕਿਉਂਕਿ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਨੂੰ ਰਾਮਾਮੰਡੀ ਰਾਹੀਂ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਹੋਵੇਗੀ ।

ਡਿਪਟੀ ਕਮਿਸ਼ਨਰ ਵੱਲੋਂ ਧੋਗੜੀ ਰੋਡ ਉੱਪਰ 9 ਕਿਲੋਮੀਟਰ ਲੰਬੀ ਸੜਕ ਉੱਪਰ ਪਾਈਪ ਲਾਇਨ ਵਿਛਾਉਣ ਦੇ ਕੰਮ ਦਾ ਵੀ ਜਾਇਜ਼ਾ ਲਿਆ । ਇਸ ਸੜਕ ਦੀ ਮੁੱਖ ਤੌਰ ਉੱਪਰ ਉਦਯੋਗਾਂ ਵਲੋਂ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਨਾ ਸਿਰਫ ਉਦਯੋਗਿਕ ਢੋਆ ਢੁਆਈ ਸੁਖਾਲੀ ਹੋਵੇਗੀ ਸਗੋਂ  ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ । ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੜਕ ਦੇ ਕੰਮ ਨੂੰ ਜਲਦ ਮੁਕੰਮਲ ਕਰਵਾਉਣ ਲਈ ਰੋਜ਼ਾਨਾ ਨਿਗਰਾਨੀ ਕਰਨ ।

ਮੀਂਹਾਂ ਤੋਂ ਪਹਿਲਾਂ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ “ ਸੜਕਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ “ । ਉਨ੍ਹਾਂ ਇਹ ਵੀ ਕਿਹਾ ਕਿ ਉਹ ਹਫਤਾਵਾਰੀ ਤੌਰ ਤੇ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਦਾ ਨਿਰੀਖਣ ਕਰਨਗੇ । ਇਸ ਮੌਕੇ ਬਿਜਲੀ ਬੋਰਡ , ਜਲ ਸਪਲਾਈ ਤੇ ਸੀਵਰੇਜ ਬੋਰਡ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ ।

ਕੈਪਸ਼ਨ – ਜਲੰਧਰ ਦੇ ਲੰਮਾ ਪਿੰਡ – ਜੰਡੂਸਿੰਘਾ ਸੜਕ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ।

Leave a Comment

Your email address will not be published. Required fields are marked *

Scroll to Top