ਜਲੰਧਰ, 18 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਵਿਦਿਆਰਥੀ ਸੰਗਠਨਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਸਲਿਆਂ ਨੂੰ ਗਹੁ ਨਾਲ ਸੁਣਦਿਆਂ ਜਿਥੇ ਉਨ੍ਹਾਂ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਭਰੋਸਾ ਦਿਵਾਇਆ ਉਥੇ ਵਿੱਦਿਅਕ ਅਦਾਰਿਆਂ ਦੇ ਮੁੱਦੇ ਵੀ ਢੁੱਕਵੇਂ ਪੱਧਰ ’ਤੇ ਉਠਾਉਣ ਦੀ ਗੱਲ ਕਹੀ।

ਮੀਟਿੰਗ ਦੌਰਾਨ ਵਿਦਿਆਰਥੀ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਡਾ. ਅਗਰਵਾਲ ਨੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੀਮ ਦੀਆਂ ਹਦਾਇਤਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ, ਜੋ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੀ ਪੜਤਾਲ ਕਰਕੇ ਸਕਾਲਰਸ਼ਿਪ ਸਕੀਮ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣਗੀਆਂ।

ਡਿਪਟੀ ਕਮਿਸ਼ਨਰ ਨੇ ਵਿੱਦਿਅਕ ਅਦਾਰਿਆਂ ਨੂੰ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਸਕਾਲਪਸ਼ਿਪ ਸਕੀਮ ਸਬੰਧੀ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਵਿੱਚ ਆਉਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਸਕੀਮ ਸਬੰਧੀ ਪੂਰੀ ਜਾਣਕਾਰੀ ਹੋਵੇ ਤਾਂ ਜੋ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਹੱਕ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਐਸ.ਸੀ. ਵਰਗ ਦੇ ਸਾਰੇ ਵਿਦਿਆਰਥੀ ਆਪਣੇ ਕੋਰਸ ਬਿਨਾਂ ਕਿਸੇ ਮੁਸ਼ਕਿਲ ਤੋਂ ਸੁਚਾਰੂ ਢੰਗ ਨਾਲ ਪੂਰਾ ਕਰ ਸਕਣ।
ਇਸ ਦੌਰਾਨ ਉਨ੍ਹਾਂ ਵਿੱਦਿਅਕ ਅਦਾਰਿਆਂ ਦੀਆਂ ਕੋਰਸ ਵਿਚਾਲੇ ਛੱਡ ਜਾਣ ਵਾਲੇ ਵਿਦਿਆਰਥੀਆਂ ਦੀ ਫੀਸ ਦੀ ਅਦਾਇਗੀ, ਕੋਰਸਾਂ ਦੀ ਫੀਸ ਰੀਵਿਊ ਕਰਨ ਸਬੰਧੀ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਵੱਲੋਂ ਰੱਖੇ ਗਏ ਮੁੱਦੇ ਢੁੱਕਵੇਂ ਪੱਧਰ ’ਤੇ ਉਠਾਉਣ ਦਾ ਭਰੋਸਾ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਤਹਿਤ ਲਾਭ ਦਿਵਾਉਣ ਲਈ ਫ਼੍ਰੀ-ਸ਼ਿੱਪ ਕਾਰਡ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਵਿਦਿਆਰਥੀ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

















































