ਡਿਪਟੀ ਕਮਿਸ਼ਨਰ ਵੱਲੋਂ ਆਦਮਪੁਰ ਏਅਰਪੋਰਟ ‘ਅਪਰੋਚ ਰੋਡ’ ਨੂੰ ਚਹੁੰ ਮਾਰਗੀ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲੰਧਰ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਆਦਮਪੁਰ ਏਅਰਪੋਰਟ ‘ਅਪਰੋਚ ਰੋਡ’ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯਾਤਰੀਆਂ ਨੂੰ ਆਦਮਪੁਰ ਹਵਾਈ ਅੱਡੇ ਤੱਕ ਨਿਰਵਿਘਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਪਰੋਚ ਰੋਡ ਲਈ ਜ਼ਮੀਨ ਐਕਵਾਇਰ ਕਰਨ ਦੇ ਕਾਰਜ  ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਯਾਤਰੀਆਂ ਨੂੰ ਹਵਾਈ ਅੱਡੇ ਤੱਕ ਸੁਖਾਲੀ ਪਹੁੰਚ ਪ੍ਰਦਾਨ ਹੋਵੇਗੀ ਕਿਉਂਕਿ ਇਹ ਰੋਡ ਹਵਾਈ ਅੱਡੇ ਨੂੰ ਸਿੱਧਾ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗੀ।

ਡਾ. ਅਗਰਵਾਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਜਲੰਧਰ-ਹੁਸ਼ਿਆਰਪੁਰ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ’ਤੇ ਢੁੱਕਵੇਂ ਸਾਈਨੇਜ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੇ ਗਠਨ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਏਅਰਪੋਰਟ ਅਥਾਰਟੀ  ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਆਦਮਪੁਰ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਮੁੱਦੇ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਐਸ.ਡੀ.ਐਮ. ਬਲਬੀਰ ਰਾਜ ਸਿੰਘ ਤੇ ਜੈ ਇੰਦਰ ਸਿੰਘ, ਐਕਸੀਅਨ ਪੀ.ਡਬਲਯੂ.ਡੀ (ਪ੍ਰੋਵੈਨਸ਼ੀਅਲ ਡਵੀਜ਼ਨ) ਵਿਵੇਕ ਦੁਰੇਜਾ, ਐਕਸੀਅਨ ਪੀ.ਡਬਲਯੂ.ਡੀ. (ਐਨ.ਐਚ) ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਆਦਮਪੁਰ ਏਅਰਪੋਰਟ ‘ਅਪਰੋਚ ਰੋਡ’ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Leave a Comment

Your email address will not be published. Required fields are marked *

Scroll to Top