ਜਲੰਧਰ, 16 ਸਤੰਬਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਾਰੇ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਝੋਨੇ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।
ਸ਼੍ਰੀ ਵਾਲੀਆ ਨੇ ਇਸ ਮਾੜੇ ਰੁਝਾਨ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਲਈ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਵੀ ਗਠਨ ਕਰਨ ਲਈ ਕਿਹਾ, ਜੋ ਕਿ ਪਿੰਡ ਪੱਧਰ ਤੱਕ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਦਾ ਕੰਮ ਕਰੇਗੀ।
ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਧੇਰੇ ਦਰਜ ਕੀਤੀਆਂ ਗਈਆਂ ਸਨ, ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਗਸ਼ਤ, ਫੀਲਡ ਅਧਿਕਾਰੀਆਂ ਨਾਲ ਤਾਲਮੇਲ ਅਤੇ ਚੌਕਸੀ ਰੱਖੀ ਜਾਵੇ ਤਾਂ ਜੋ ਖੇਤਾਂ ’ਚ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪਰਾਲੀ ਦੀ ਖ਼ਪਤ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸ਼੍ਰੀ ਵਾਲੀਆ ਨੇ ਪਰਾਲੀ ਨੂੰ ਕੱਚੇ ਮਾਲ ਜਾਂ ਬਾਲਣ ਵਜੋਂ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ ਅਤੇ ਬੇਲਰਾਂ ਰਾਹੀਂ ਪਰਾਲੀ ਇਕੱਠੀ ਕਰਨ ਵਾਲੇ ਕਿਸਾਨਾਂ ਦਰਮਿਆਨ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਦੀ ਵੱਧ ਤੋਂ ਵੱਧ ਖਪਤ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਬਿਹਤਰ ਵਿਕਲਪ ਮਿਲਣਗੇ ਅਤੇ ਵਾਤਾਵਰਣ ਦੀ ਸੰਭਾਲ ਨੂੰ ਵੀ ਹੁਲਾਰਾ ਮਿਲੇਗਾ।
ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਜ਼ਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਜਾਗਰੂਕਤਾ ਮੁਹਿੰਮ ਵਿੱਚ ਸਿੱਖਿਆ ਵਿਭਾਗ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਤਾਂ ਜੋ ਪਰਾਲੀ ਨਾ ਸਾੜਨ ਦਾ ਸੁਨੇਹਾ ਵਿਦਿਆਰਥੀਆਂ ਰਾਹੀਂ ਘਰ-ਘਰ ਪਹੁੰਚਾਇਆ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।