ਕੈਬਨਿਟ ਮੰਤਰੀ, ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਨਵੀਂ ਦਾਣਾ ਮੰਡੀ,ਜਲੰਧਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਜਲੰਧਰ, 01 ਅਕਤੂਬਰ- ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਵਲੋਂ ਅੱਜ ਨਵੀਂ ਦਾਣਾ ਮੰਡੀ,ਜਲੰਧਰ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਲਈ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ 79 ਖ਼ਰੀਦ ਕੇਂਦਰਾਂ ਵਿੱਚ 10.84 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤਾ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦੀ ਫਸਲ ਦੀ ਚੁਕਾਈ ਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਨੂੰ ਨਿਰਧਾਰਿਤ ਸਮੇਂ ਵਿੱਚ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਝੋਨੇ ਦਾ ਘੱਟ ਤੋਂ ਘੱਟ ਸਮਰਥਨ ਮੁੱਲ 2461 ਰੁਪਏ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਵਲੋਂ ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ, ਤਰਪਾਲਾਂ, ਬਾਰਦਾਨਾ ਆਦਿ ਦੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਖ਼ਰੀਦ ਫ਼ਸਲ ਦੀ ਚੁਕਾਈ ਅਤੇ ਸਮੇਂ ਸਿਰ ਅਦਾਇਗੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨਾ ਉਪਲਬੱਧ ਹੈ।
ਇਸ ਮੌਕੇ ਕੈਬਨਿਟ ਮੰਤਰੀ, ਮੇਅਰ ਅਤੇ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਅਧਿਕਾਰੀਆਂ ਵਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਲਈ ਗਈ। ਉਨ੍ਹਾਂ ਕਿਹਾ ਕਿ ਲੇਬਰ ਅਤੇ ਢੋਆ-ਢੋਆਈ ਸਬੰਧੀ ਪੁਖੱਤਾ ਇੰਤਜਾਮ ਕੀਤੇ ਗਏ ਹਨ ਜਿਨ੍ਹਾਂ ਵਲੋਂ ਸੁਚਾਰੂ ਢੰਗ ਨਾਲ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਂਦੀ ਜਾਵੇ ਕਿਉਂਕਿ ਨਮੀ ਦੀ ਹੱਦ 17 ਫੀਸਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਰਾਤ ਸਮੇਂ ਫ਼ਸਲ ਦੀ ਕਟਾਈ ਨਾ ਕੀਤੀ ਜਾਵੇ,।
ਸਥਾਨਕ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਆਉਂਦਿਆਂ ਹੀ ਤੁਰੰਤ ਉਸ ਦੀ ਸਾਰੀ ਫ਼ਸਲ ਖ਼ਰੀਦ ਲਈ ਗਈ। ਉਨ੍ਹਾਂ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੁਆਰੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਮਾਰਕਿਟ ਕਮੇਟੀ ਵਲੋਂ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਐਸ.ਡੀ.ਐਮਂ.ਸ਼ਾਇਰੀ ਮਲਹੋਤਰਾ, ਡੀ.ਐਫ.ਐਸ.ਸੀ. ਹਰਸ਼ਰਨ ਸਿਘ, ਡੀ.ਐਮ.ਓ. ਅਰਵਿੰਦਰ ਸਿੰਘ ਸਾਹੀ ਤੋਂ ਇਲਾਵਾ ਆੜਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।

Table of Contents

Scroll to Top