ਜਲੰਧਰ, 10 ਸਤੰਬਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਪ੍ਰਬੰਧਾਂ ਅਤੇ ਰਜਿਸਟ੍ਰੇਸ਼ਨ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਜਾਣਕਾਰੀ ਪਿੰਡ ਤੇ ਵਾਰਡ ਪੱਧਰ ਤੱਕ ਪਹੁੰਚਾ ਕੇ ਹਰੇਕ ਯੋਗ ਖਿਡਾਰੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾਵੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਸਮੇਤ ਖੇਡ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਤਹਿਤ ਅੰਡਰ-14 ਤੋਂ 70 ਸਾਲ ਤੋਂ ਵੱਧ ਉਮਰ ਤੱਕ 9 ਉਮਰ ਵਰਗਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ 38 ਖੇਡਾਂ ਅਤੇ 4 ਪੈਰਾ-ਸਪੋਰਟਸ ਸ਼ਾਮਲ ਹਨ, ਜਦਕਿ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ।
ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ ਅਤੇ ਖੇਡ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਪ੍ਰਤਿਭਾਸ਼ਾਲੀ ਖਿਡਾਰੀਆਂ ਤੱਕ ਪਹੁੰਚ ਕੀਤੀ ਜਾਵੇ, ਜੋ ਅਜੇ ਤੱਕ ਰਜਿਸਟਰ ਨਹੀਂ ਹੋਏ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਜ਼ਿਲ੍ਹੇ ਦੀਆਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਨੂੰ ਉਨ੍ਹਾਂ ਨਾਲ ਜੁੜੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਬਾਰੇ ਜਾਣੂ ਕਰਵਾਉਣ ਅਤੇ ਭਾਗ ਲੈਣ ਲਈ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ 97815-21456 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਖੇਡ ਮੈਦਾਨਾਂ ਦਾ ਹਿੱਸਾ ਬਣਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪੰਚਾਇਤਾਂ, ਯੂਥ ਕਲੱਬਾਂ ਤੇ ਖੇਡ ਸੰਸਥਾਵਾਂ ਨੂੰ ਆਪਣੇ ਇਲਾਕੇ ਦੀ ਛੁਪੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਮੈਦਾਨ ਤੱਕ ਲਿਆਉਣ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਕੋਚ ਅੰਮ੍ਰਿਤਪਾਲ ਸਿੰਘ ਤੋਂ ਇਲ਼ਾਵਾ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਅਹੁਦੇਦਾਰ ਵੀ ਮੌਜੂਦ ਸਨ।