ਜਲੰਧਰ, 10 ਸਤੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਵਿਆਪਕ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ 9 ਮਹੀਨਿਆਂ ਦੌਰਾਨ ਵਿਆਪਕ ਸਰਵੇਖਣ ਕੀਤਾ ਗਿਆ ਹੈ, ਜਿਸ ਦੌਰਾਨ ਸ਼ਹਿਰੀ ਖੇਤਰਾਂ ਵਿਚਲੇ 1,02,644 ਅਤੇ ਪੇਂਡੂ ਖੇਤਰਾਂ ਵਿਚਲੇ 1,79,465 ਘਰਾਂ ਸਮੇਤ ਕੁੱਲ 2,82,109 ਘਰਾਂ ਨੂੰ ਕਵਰ ਕੀਤਾ ਗਿਆ। ਇਨ੍ਹਾਂ ਨਿਰੀਖਣਾਂ ਦੌਰਾਨ 739 ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਜਾਂਚ ਟੀਮਾਂ ਵੱਲੋਂ ਤੁਰੰਤ ਨਸ਼ਟ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ 612 ਡੇਂਗੂ ਸੈਂਪਲ ਟੈਸਟ ਕੀਤੇ ਗਏ। ਵਿਭਾਗ ਵੱਲੋਂ ਉਨ੍ਹਾਂ ਕੇਸਾਂ ਵਿੱਚ 50 ਪ੍ਰੀ-ਚਲਾਨ ਨੋਟਿਸ ਅਤੇ 08 ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸੇ ਤਰ੍ਹਾਂ 9 ਸਤੰਬਰ ਨੂੰ ਕੁੱਲ 3115 ਘਰਾਂ ਦਾ ਸਰਵੇਖਣ ਕੀਤਾ ਗਿਆ, ਜਿਸ ਦੌਰਾਨ 12 ਥਾਵਾਂ ‘ਤੇ ਲਾਰਵਾ ਪਾਇਆ ਗਿਆ। ਵਿਭਾਗ ਵੱਲੋਂ ਕੱਲ੍ਹ 21 ਡੇਂਗੂ ਸੈਂਪਲ ਟੈਸਟ ਕੀਤੇ ਗਏ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਸਿਰਫ਼ ਲਾਰਵੇ ਨੂੰ ਨਸ਼ਟ ਕਰਨ ‘ਤੇ ਹੀ ਧਿਆਨ ਨਹੀਂ ਦੇ ਰਿਹਾ ਸਗੋਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਿਯਮਿਤ ਤੌਰ ‘ਤੇ ਫੋਗਿੰਗ ਮੁਹਿੰਮ ਵੀ ਚਲਾ ਰਿਹਾ ਹੈ। ਜਲੰਧਰ ਨਗਰ ਨਿਗਮ ਅਤੇ ਵੱਖ-ਵੱਖ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਪੂਰੀ ਸਰਗਰਮੀ ਨਾਲ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਫੋਗਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਂਗੂ ਮੱਛਰ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਰੋਕਥਾਮ ਉਪਾਅ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਜਲੰਧਰ ਵਾਸੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ।
ਡਾ. ਅਗਰਵਾਲ ਨੇ ਕਿਹਾ, ‘ਸਾਡਾ ਮੁੱਖ ਟੀਚਾ ਡੇਂਗੂ ਵਾਇਰਸ ਦੇ ਪ੍ਰਸਾਰ ਨਾਲ ਲੜਨਾ ਅਤੇ ਜਲੰਧਰ ਦੇ ਲੋਕਾਂ ਦੀ ਤੁੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ। ਇਸ ਮਿਸ਼ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। “

















































