ਖਰੀਫ ਸੀਜ਼ਨ ਦੇ ਨਾਲ ਰੱਬੀ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਲੰਧਰ ਪ੍ਰਸਾਸ਼ਨ ਪੱਬਾਂ-ਭਾਰ

ਜਲੰਧਰ, 15 ਨਵੰਬਰ : ਖਰੀਫ ਸੀਜ਼ਨ ਦੇ ਨਾਲ-ਨਾਲ ਰੱਬੀ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋਂ ਪੂਰੀ ਗੰਭੀਰਤਾ ਦਿਖਾਉਂਦਿਆਂ ਆਪਣੇ ਅਧਿਕਾਰੀ ਫੀਲਡ ਵਿੱਚ ਉਤਾਰੇ ਗਏ ਹਨ, ਜੋ ਝੋਨੇ ਦੇ ਖਰੀਦ ਪ੍ਰਬੰਧਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਪ੍ਰਬੰਧਨ ਕਰਨ ਸਮੇਤ ਡੀ.ਏ.ਪੀ. ਦੀ ਜਮ੍ਹਾਖੋਰੀ ਰੋਕਣ ਅਤੇ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਉਹਨਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਉਚਿਤ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ।
    ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ. ਅਤੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੀ.ਏ.ਪੀ. ਦੀ ਜਮ੍ਹਾਖੋਰੀ ਰੋਕਣ ਲਈ ਲਗਾਤਾਰ ਖਾਦ ਸਟੋਰਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਵੀ ਕੀਤਾ ਜਾਵੇ।


   ਖਰੀਫ ਸੀਜ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 2164 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9,68,572 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 9,61,439 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 6,34,324 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।


     ਉਧਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਨ ਦੇ ਨਾਲ-ਨਾਲ ਕਣਕ ਅਤੇ ਆਲੂ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਫਾਸਫੋਰਸ ਤੱਤ ਵਾਲੀਆਂ ਹੋਰ ਖਾਦਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
     ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਡੀ.ਏ.ਪੀ. ’ਤੇ ਆਪਣੀ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਡੀ.ਏ.ਪੀ. ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ. 16:16:16 ਅਤੇ ਨਾਈਟ੍ਰੋ ਫਾਸਫੇਟ 20:20:13 ਖਾਦ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਜੋ ਕਿ ਫਸਲਾਂ ਲਈ ਬਹੁਤ ਉਪਯੋਗੀ ਹਨ। ਉਨ੍ਹਾਂ ਕਿਹਾ ਕਿ ਉਕਤ ਫਾਸਫੋਰਸ ਤੱਤ ਵਾਲੀਆਂ ਖਾਦਾਂ ’ਚੋਂ ਕਿਸੇ ਵੀ ਖਾਦ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿਚਲੇ ਖੁਰਾਕੀ ਤੱਤ ਬਰਕਰਾਰ ਰਹਿੰਦੇ ਹਨ ਅਤੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ।

Leave a Comment

Your email address will not be published. Required fields are marked *

Scroll to Top