ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਪੂਰੀ ਸਰਗਰਮੀ ਨਾਲ ਕਰਨ ਦੀਆਂ ਹਦਾਇਤਾਂ, 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਜਲੰਧਰ, 2 ਅਗਸਤ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਪੂਰੀ ਸਰਗਰਮੀ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣਾਂ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ ਹੁਣ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਸ਼ਨ ਮੋਡ ’ਤੇ ਕੀਤਾ ਜਾਵੇ।

ਡਾ. ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ / ਕਰਮਚਾਰੀਆਂ ਨੂੰ ਕਿਹਾ ਕਿ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਰਹੇ।

ਉਨ੍ਹਾਂ ਵੋਟਰ ਰਜਿਸਟ੍ਰੇਸ਼ਨ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਖਾਸ ਕਰ ਖੇਤੀਬਾੜੀ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਵੱਲੋਂ ਕਰਵਾਏ ਜਾਂਦੇ ਪ੍ਰੋਗਰਾਮਾਂ/ਸਮਾਗਮਾਂ/ਕੈਂਪਾਂ ਅਤੇ ਹੋਰ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ।

ਇਸ ਤੋਂ ਇਲਾਵਾ ਫੀਲਡ ਦੌਰਿਆਂ ਦੌਰਾਨ ਵੀ ਅਧਿਕਾਰੀਆਂ ਨੂੰ ਲੋਕਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।

ਉਨ੍ਹਾ ਦੱਸਿਆ ਕਿ ਯੋਗ ਵਿਅਕਤੀ ਦਿਹਾਤੀ ਖੇਤਰਾਂ ਵਿੱਚ ਸਬੰਧਤ ਪਟਵਾਰ ਹਲਕੇ ਦੇ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀਆਂ, ਜਿਨ੍ਹਾਂ ਨੂੰ ਸਬੰਧਤ ਖੇਤਰ ਦੀ ਰਿਵਾਈਜ਼ਿੰਗ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ, ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਹੋਵੇਗੀ, ਜਿਸ ’ਤੇ 29 ਅਕਤੂਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਨਵੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 26 ਨਵੰਬਰ 2024 ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਸਬੰਧੀ ਪਟਵਾਰੀਆਂ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਦੇ ਹੋਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top