ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ਸਮਾਰਟ ਸਿਟੀ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 23 ਜੁਲਾਈ :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਸਮਾਰਟ ਸਿਟੀ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਲੰਧਰ ਸਮਾਰਟ ਸਿਟੀ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਡਿਪੋਜ਼ਿਟ ਵਿਕਾਸ ਕੰਮਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਅਧੀਨ 179 ਕਰੋੜ ਦੇ 45 ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ 645 ਕਰੋੜ ਰੁਪਏ ਦੀ ਲਾਗਤ ਵਾਲੇ 6 ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਦੂਜੇ ਵਿਭਾਗਾਂ ਨੂੰ ਸੌਂਪੇ ਗਏ 8 ਡਿਪੋਜ਼ਿਟ ਕੰਮ ਵੀ ਪ੍ਰਗਤੀ ਅਧੀਨ ਹਨ।


ਡਾ. ਅਗਰਵਾਲ ਨੇ ਦੱਸਿਆ ਕਿ ਸਮਾਰਟ ਸਿਟੀ ਅਧੀਨ ਪ੍ਰਮੁੱਖ ਪ੍ਰਾਜੈਕਟ ਇੰਟੈਗ੍ਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ, ਜੋ ਕਿ ਜਲਦ ਹੀ ਪੂਰੀ ਤਰ੍ਹਾਂ ਲਾਈਵ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਸੇ ਤਰ੍ਹਾਂ ਮਿੱਠਾਪੁਰ ਸਟੇਡੀਅਮ ਦੇ ਆਧੁਨਿਕੀਕਰਨ ਦਾ ਪ੍ਰਾਜੈਕਟ ਵੀ ਮੁਕੰਮਲ ਹੋਣ ਨੇੜੇ ਹੈ। 
ਕਾਲਾ ਸੰਘਿਆ ਡਰੇਨ ਦੇ ਸੁੰਦਰੀਕਰਨ ਕੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਾਜੈਕਟ ਦੀ ਨਿਯਮਤ ਸਮੀਖਿਆ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬਰਲਟਨ ਪਾਰਟ ਸਪੋਰਟਸ ਹੱਬ, ਵਰਿਆਣਾ ਵਿਖੇ ਬਾਇਓ ਮਾਈਨਿੰਗ ਰਾਹੀਂ ਠੋਸ ਰਹਿੰਦ-ਖੂਹੰਦ ਦਾ ਪ੍ਰਬੰਧਨ, 24X7 ਸਰਫੇਸ ਵਾਟਰ ਸਪਲਾਈ ਆਦਿ ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀ ਲੋੜ ’ਤੇ ਜ਼ੋਰ ਦਿੱਤਾ।
ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਵਰਿਆਣਾ ਵਿਖੇ ਬਾਇਓ ਮਾਈਨਿੰਗ ਦਾ ਪ੍ਰਾਜੈਕਟ ਦੀ ਰੀ-ਟੈਂਡਰਿੰਗ ਹੋ ਚੁੱਕੀ ਹੈ ਅਤੇ 20 ਦਿਨਾਂ ਵਿੱਚ ਵਰਕ ਆਰਡਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਉਪਰੰਤ 2 ਸਾਲ ਦੇ ਅੰਦਰ ਮੁਕੰਮਲ ਕੀਤਾ ਜਾਣਾ ਹੈ।


ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜਲੰਧਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਬਲਰਟਨ ਪਾਰਕ ਵਿਖੇ ਲੋੜੀਂਦੀਆਂ ਲਾਈਟਾਂ, ਢੁੱਕਵੇਂ ਸਾਈਨੇਜ, ਬੂਟੇ ਲਾਉਣ ਤੋਂ ਇਲਾਵਾ ਪਾਰਕ ਦੀ ਸਾਫ-ਸਫਾਈ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾ ਕਰਵਾਏ ਜਾਣ।
ਇਸ ਮੌਕੇ ਜਲੰਧਰ ਨਗਰ ਨਿਗਮ ਦੇ ਅਧਿਕਾਰੀ ਅਤੇ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਦੇ ਇੰਚਾਰਜ ਗੁਰਬਖਸ਼ ਸਿੰਘ ਤੋਂ ਇਲਾਵਾ ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top