ਜਲੰਧਰ:- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਅਤੇ ਜਲੰਧਰ ਲੋਕ ਸਭਾ ਹਲਕੇ ਵਿੱਚ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ‘ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ’ ਪ੍ਰੋਗਰਾਮ (ਸਵੀਪ) ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ।
ਸੋਮਵਾਰ ਨੂੰ ਸਵੀਪ ਤਹਿਤ ਜ਼ਿਲ੍ਹੇ ਭਰ ਦੇ ਸਰਕਾਰੀ, ਪ੍ਰਾਈਵੇਟ, ਮਾਨਤਾ ਪ੍ਰਾਪਤ ਸਕੂਲਾਂ ਵਿੱਚ ਵੋਟਰ ਪ੍ਰਣ ਕਰਵਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਅਤੇ ਸਵੀਪ ਟੀਮਾਂ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਹਰੇਕ ਵੋਟ ਬੇਹੱਦ ਕੀਮਤੀ ਹੈ ਅਤੇ ਇਕ-ਇਕ ਵੋਟ ਦੇਸ਼ ਦਾ ਭਵਿੱਖ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਹਰੇਕ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਜ਼ਰੂਰ ਕਰਨੀ ਚਾਹੀਦੀ ਹੈ।
ਇਸ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਸ ਪਾਸ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਆਪਣੇ ਘਰਾਂ, ਸੁਸਾਇਟੀਆਂ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਲਈ ਉਤਸ਼ਾਹਿਤ ਵੀ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਲੋਕ ਹਲਕੇ ਵਿੱਚ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਵੱਡੇ ਪੱਧਰ ’ਤੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੋਟ ਦੇ ਅਧਿਕਾਰ ਦੇ ਇਸਤੇਮਾਲ ਬਾਰੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

















































