ਜਲੰਧਰ, 30 ਮਾਰਚ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਸੀ-ਵਿਜਿਲ ਐਪ ’ਤੇ ਹੁਣ ਤੱਕ ਪ੍ਰਾਪਤ ਸਾਰੀਆਂ 90 ਸ਼ਿਕਾਇਤਾਂ ਦਾ 100 ਫੀਸਦ ਨਿਪਟਾਰਾ ਨਿਰਧਾਰਿਤ ਸਮੇਂ ਵਿੱਚ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਦਮਪੁਰ ਨਾਲ ਸਬੰਧੀ 3 ਸ਼ਿਕਾਇਤਾਂ, ਜਲੰਧਰ ਕੈਂਟ 17, ਜਲੰਧਰ ਕੇਂਦਰੀ 21, ਜਲੰਧਰ ਉਤਰੀ 18, ਜਲੰਧਰ ਪੱਛਮੀ 13, ਕਰਤਾਰਪੁਰ 5, ਨਕੋਦਰ 2, ਫਿਲੌਰ 8 ਅਤੇ ਵਿਧਾਨ ਸਭਾ ਹਲਕਾ ਸ਼ਾਹਕੋਟ ਨਾਲ ਸਬੰਧਿਤ 3 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ 100 ਮਿੰਟ ਦੇ ਨਿਰਧਾਰਿਤ ਸਮੇਂ ਵਿੱਚ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਡਾ.ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੇ ਤੁਰੰਤ ਨਿਪਟਾਰੇ ਲਈ ਸੀ-ਵਿਜਿਲ ਐਪ ’ਤੇ ਸ਼ਿਕਾਇਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੀ-ਵਿਜਿਲ ਐਪ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਲੋਕਾਂ ਦੀ ਸਹੂਲਤ ਲਈ ਸ਼ਿਕਾਇਤ ਸੈਲ ਦੀ ਸਥਾਪਨਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਲੋਕ ਸੀ-ਵਿਜਿਲ ਐਪ ਨੂੰ ਮੋਬਾਇਲ ਦੇ ਪਲੇਅ ਸਟੋਰ ਵਿੱਚ ਜਾ ਕੇ ਡਾਊਨਲੋਡ ਕਰ ਸਕਦੇ ਹਨ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਮੇਤ ਫੋਟੋਆਂ ਅਤੇ ਵੀਡੀਓ ਨਾਲ ਸ਼ਿਕਾਇਤ ਕਰ ਸਕਦੇ ਹਨ ਜਿਸ ਦਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟ ਦੇ ਨਿਰਧਾਰਿਤ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ।
————-

















































