ਜਲੰਧਰ ਦੇ ਮਸ਼ਹੂਰ ਸਕੂਲ ਚ ਪੰਜਾਬੀ ਨਾ ਸਿਖਾਉਣ ਤੇ ਸਿੱਖਿਆ ਵਿਭਾਗ ਦਾ ਨੋਟਿਸ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੈਂਬਰਿਜ ਸਕੂਲ ਜਲੰਧਰ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਲੰਧਰ ਦੇ ਛੋਟੇ ਜਿਹੇ ਕਸਬੇ ਨੇੜੇ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੈਂਬਰਿਜ ਸਕੂਲ, ਜਲੰਧਰ ਵਿਖੇ ਪੇਸ਼ ਹੋਣ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਂਸ ਨੇ ਦੱਸਿਆ ਕਿ ਰਾਜ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਅਤੇ ਪੰਜਾਬ ਟੀਚਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008 ਦੇ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਹਰ ਸਕੂਲ ਵਿੱਚ ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਪੜ੍ਹਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਮਿਆਰੀ ਸੂਬੇ ਦੇ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਕਾਨੂੰਨ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ।

ਉਨ੍ਹਾਂ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਅਜਿਹੇ ਪ੍ਰਾਈਵੇਟ ਸਕੂਲਾਂ ਦੀ ਸ਼ਨਾਖਤ ਕਰਨ, ਜਿੱਥੇ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾਂਦਾ।

Leave a Comment

Your email address will not be published. Required fields are marked *

Scroll to Top