ਭੂ ਪ੍ਰਾਪਤੀ ਕਾਨੂੰਨ ਦਾ ਉਲੰਘਣ ਹੈ ਲੈਂਡ ਪੁਲਿੰਗ ਪਾਲਿਸੀ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਲੈਂਡ ਪੁਲਿੰਗ ਪਾਲਿਸੀ ਦੇਸ਼ ਦੇ ਤਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਯੂਪੀਏ ਸਰਕਾਰ ਵੱਲੋਂ 2013 ਵਿੱਚ ਬਣਾਏ ਗਏ ਭੂ ਪ੍ਰਾਪਤੀ, ਪੁਨਰਵਾਸ ਨਾਲ ਸਬੰਧਤ ਬਣਾਏ ਗਏ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਇਸੇ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦਖਲ ਦੇਣ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਉੱਪਰ ਜ਼ਬਰਦਸਤੀ ਥੋਪੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਨੂੰ ਲਾਗੂ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਜਿੱਥੇ ਭਾਜਪਾ ਨੇ ਕਾਨੂੰਨ ਦੀਆਂ ਤਜਵੀਜਾਂ ਨੂੰ ਕਮਜ਼ੋਰ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਸਦੇ ਪੂਰੀ ਤਰ੍ਹਾਂ ਉਲਟ ਕੰਮ ਕਰ ਰਹੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ 2014 ਵਿੱਚ ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਉਸਨੇ ਕਾਨੂੰਨ ਅਤੇ ਇਸ ਦੀਆਂ ਵੱਖ-ਵੱਖ ਤਜ਼ਵੀਜਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਤਤਕਾਲੀਨ ਕੇਂਦਰੀ ਵਿੱਤ ਅਤੇ ਰੱਖਿਆ ਮੰਤਰੀ ਅਰੁਣ ਜੇਤਲੀ ਉਸ ਵੇਲੇ ਦੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ 10 ਜਨਪਥ ਸਥਿਤ ਨਿਵਾਸ ‘ਤੇ ਮਿਲਣ ਗਏ ਸਨ।

ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਕੱਲ੍ਹ ਕਿਹਾ ਸੀ ਕਿ ਸਵਰਗੀ ਸ੍ਰੀ ਜੇਤਲੀ ਨੇ ਉਨ੍ਹਾਂ ਨੂੰ ਧਮਕੀ ਦੇਣ ਦੀ ਕੋਸ਼ਿਸ਼ ਕੀਤੀ ਸੀ, ਕਿਉਂਕਿ ਉਹ ਭੂ ਪ੍ਰਾਪਤੀ ਕਾਨੂੰਨ ਦੇ ਉਪਬੰਧਾਂ ਨੂੰ ਕਮਜ਼ੋਰ ਕਰਨ ਦੇ ਸਖ਼ਤ ਵਿਰੁੱਧ ਸਨ।

ਵੜਿੰਗ ਨੇ ਜੋਰ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਖਾਸ ਕਰਕੇ ਰਾਹੁਲ ਗਾਂਧੀ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਕਾਰਨ ਭਾਜਪਾ ਸਰਕਾਰ ਨੂੰ ਭੂ ਪ੍ਰਾਪਤੀ ਕਾਨੂੰਨ ਨੂੰ ਕਮਜ਼ੋਰ ਕਰਨ ਦਾ ਵਿਚਾਰ ਛੱਡਣਾ ਪਿਆ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕਿਸਾਨਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ ਅਤੇ ਜੇਕਰ ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਦੀ ਜਮੀਨ ਪ੍ਰਾਪਤ ਕੀਤੀ ਜਾਂਦੀ ਹੈ, ਤਾਂ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਪੁਨਰਵਾਸ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਸਾਫ ਤੌਰ ਤੇ ਭੂ ਪ੍ਰਾਪਤੀ ਕਾਨੂੰਨ ਦਾ ਉਲੰਘਣ ਹੈ, ਕਿਉਂਕਿ ਇਸਨੇ ਨਾ ਤਾਂ ਕਿਸਾਨਾਂ ਦੀ ਸਹਿਮਤੀ ਲਈ ਹੈ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਬਿਨਾਂ ਕਿਸੇ ਮੁਆਵਜ਼ੇ ਤੋਂ ਲੈ ਰਹੀ ਹੈ ਅਤੇ ਇਹ ਕਿਸੇ ਵੀ ਕੀਮਤ ‘ਤੇ ਹੋਣ ਨਹੀਂ ਦਿੱਤਾ ਜਾਵੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top