ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਬੱਸਾਂ ਦੀ ਵੱਡੇ ਪੱਧਰ ’ਤੇ ਜਾਂਚ

ਜਲੰਧਰ – ਸਕੂਲ ਜਾਂਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਕੂਲ ਬੱਸਾਂ ਦੀ ਬਾਰੀਕੀ ਨਾਲ ਜਾਂਚ ਲਈ ਵਿਆਪਕ ਜਾਂਚ ਮੁਹਿੰਮ ਚਲਾਈ ਗਈ।

ਰਿਜ਼ਨਲ ਟਰਾਂਸਪੋਰਟ ਅਥਾਰਟੀ ਮੇਜਰ ਅਮਿਤ ਮਹਾਜਨ ਵਲੋਂ ਆਰ.ਟੀ.ਏ. ਅਮਨਪ੍ਰੀਤ ਸਿੰਘ ਅਤੇ ਏ.ਟੀ.ਓ ਵਿਸ਼ਾਲ ਗੋਇਲ ਨਾਲ ਸੁਰੱਖਿਆ ਨਿਯਮਾਂ ਦੀ ਪਾਲਣਾ ਦੇ ਹਿੱਤ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਰਿਜ਼ਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ’ਤੇ 45 ਚਲਾਨ ਕੀਤੇ ਗਏ ਅਤੇ 4 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਜਿਸ ਵਿਚੋਂ 2.5 ਲੱਖ ਰੁਪਏ ਪਹਿਲਾਂ ਹੀ ਉਲੰਘਣਾ ਕਰਨ ਵਾਲਿਆਂ ਤੋਂ ਵਸੂਲੇ ਜਾ ਚੁੱਕੇ ਸਨ ਅਤੇ 4 ਬੱਸਾਂ ਨੂੰ ਜਬਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਪ੍ਰਿੰਸੀਪਲਾਂ ਨੂੰ ਸ਼ਾਮਿਲ ਕਰਦਿਆਂ ਪ੍ਰਬੰਧਕਾਂ ਅਤੇ ਮਾਪਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੀ ਆਪਣੀ-ਆਪਣੀ ਸਬ ਡਵੀਜ਼ਨ ਵਿੱਚ ਸਕੂਲ ਬੱਸਾਂ ਦੀ ਜਾਂਚ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ, ਸਿੱਖਿਆ ਅਤੇ ਟਰਾਂਸਪੋਰਟ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਸਕੂਲ ਬੱਸਾਂ ਦੁਆਰਾ ਨਿਯਮਾਂ ਦੀ ਉਲੰਘਣਾ ਕਰਨ ਵਿਰੁੱਧ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਉਣ ਸਬੰਧੀ ਪਹਿਲਾਂ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੇ ਸਕੂਲ ਜਾਣ ਅਤੇ ਵਾਪਿਸ ਆਉਣ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top