ਅੰਮ੍ਰਿਤਸਰ – ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਦੇ ਖਿਲਾਫ ਅੱਜ ਨਾਂਦੇੜ ਵਿਖੇ ਸਿੱਖਾਂ ਨੇ ਵੱਡਾ ਸਰਕਾਰ ਵਿਰੋਧੀ ਧਰਨਾ ਦਿੱਤਾ ਜਿਸ ਵਿੱਚ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਐਕਟ ਵਿੱਚ ਸੋਧ ਕਰਕੇ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਨੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਹੈ ਅਤੇ ਸਿੱਖ ਜਥੇਬੰਦੀਆਂ ਦੀ ਨੁਮਾਇੰਦਗੀ ਘਟਾ ਦਿੱਤੀ ਹੈ, ਜਿਸ ਦਾ ਸਿੱਖ ਭਾਈਚਾਰੇ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਇਸ ਨੂੰ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।
ਸਰਕਾਰ ਦੀ ਇਸ ਇਕਪਾਸੜ ਕਾਰਵਾਈ ਦੇ ਖਿਲਾਫ ਅੱਜ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਰਕਾਰ ਵਿਰੋਧੀ ਰੋਸ ਮੁਜ਼ਾਹਰੇ ਦਾ ਸੱਦਾ ਦਿੱਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਸਿੱਖ ਵਫਦ ਨੇ ਹਜ਼ੂਰ ਸਾਹਿਬ ਪਹੁੰਚ ਕੇ ਪ੍ਰਦਰਸ਼ਨ ਵਿਚ ਹਿੱਸਾ ਲਿਆ।
ਵਫ਼ਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ ਧਾਮੀ, ਮੈਂਬਰ ਅਜਮੇਰ ਸਿੰਘ ਖੈੜਾ ਆਦਿ ਸ਼ਾਮਲ ਹਨ। ਇਸ ਸਰਕਾਰੀ ਕਾਰਵਾਈ ਦੇ ਵਿਰੋਧ ਵਿੱਚ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਬਾਅਦ ਵਿੱਚ ਸਿੱਖ ਸੰਗਤ ਨੇ ਰੋਸ ਮਾਰਚ ਕੱਢਿਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਰੋਸ ਮਾਰਚ ਦੌਰਾਨ ਸਿੱਖ ਸੰਗਤ ਨੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸਿੱਖ ਸੰਗਤ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

















































