ਜਲੰਧਰ ਵਿਖੇ ਸ਼ੋਭਾ ਯਾਤਰਾ ’ਚ ਮਹਿੰਦਰ ਭਗਤ, ਹਰਭਜਨ ਈ.ਟੀ.ਓ., ਡਾ. ਰਵਜੋਤ ਅਤੇ ਕੁਲਦੀਪ ਧਾਲੀਵਾਲ ਨੇ ਕੀਤੀ ਸ਼ਿਰਕਤ

ਜਲੰਧਰ, 16 ਅਕਤੂਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਾਗਬਾਨੀ ਤੇ ਸੁਤੰਤਰਤਾ ਸੈਨਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਮਾਜ ਵਿੱਚ ਬਰਾਬਰੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।
ਉਹ ਇੱਥੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਜਾਈ ਗਈ ਸ਼ੋਭਾ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ।
ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ਵਿੱਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ।ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਮੰਤਰੀ ਵੱਖ-ਵੱਖ ਸੰਸਥਾਵਾਂ ਵੱਲੋਂ ਲਗਾਈਆਂ ਗਈਆਂ ਸਟੇਜਾਂ ’ਤੇ ਵੀ ਗਏ, ਜਿਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਤੋਂ ਪਹਿਲਾਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਸ਼ਹਿਰ ਪੁੱਜੇ, ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਸੰਸਥਾਵਾਂ ਵੱਲੋਂ ਲਾਈਆਂ ਸਟੇਜਾਂ ਦਾ ਦੌਰਾ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ, ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਪਵਨ ਕੁਮਾਰ ਟੀਨੂੰ ਅਤੇ ਦੀਪਕ ਬਾਲੀ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top