ਚੰਡੀਗੜ੍ਹ 4 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
- +91 99148 68600
- info@livepunjabnews.com