ਐਮ.ਐਲ.ਏ. ਅਤੇ ਡਿਪਟੀ ਕਮਿਸ਼ਨਰ ਵਲੋਂ ਸਲਾਨਾ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਲਈ ਪੁਖ਼ਤਾ ਪ੍ਰਬੰਧਾਂ ਦਾ ਭਰੋਸਾ

ਜਲੰਧਰ, 06 ਸਤੰਬਰ – ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 17 ਸਤੰਬਰ ਨੂੰ ਮੇਲੇ ਦੌਰਾਨ ਦੁਨੀਆਂ ਭਰ ਤੋਂ ਮੰਦਿਰ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਅਰਪਿਤ ਕਰਨ ਲਈ ਆ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।
ਵੱਖ-ਵੱਖ ਜਥੇਬੰਦੀਆਂ ਅਤੇ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੇਲੇ ਦੀ ਇਸ ਖੇਤਰ ਵਿੱਚ ਬਹੁਤ ਮਹੱਤਤਾ ਹੈ ਇਸ ਲਈ ਇਹ ਯਕੀਨੀ ਬਣਾਇਆ ਜਾਵੇਗਾ ਕਿ ਸ਼ਰਧਾਲੂ ਨਿਰਵਿਘਣ ਬਿਨਾਂ ਕਿਸੇ ਸਮੱਸਿਆ ਦੇ ਆਪਣੀ ਸ਼ਰਧਾ ਭੇਟ ਕਰ ਸਕਣ।
ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਸੁਰੱਖਿਆ ਪ੍ਰਬੰਧਾਂ, ਆਵਾਜਾਈ ਪਲਾਨ, ਮੰਦਿਰ ਦੇ ਅਤੇ ਇਸ ਦੇ ਆਲੇ-ਦੁਆਲੇ, ਪੀਣ ਯੋਗ ਪਾਣੀ, ਮੋਬਾਇਲ ਪਖ਼ਾਨੇ, ਮੈਡੀਕਲ ਟੀਮਾਂ ਦੀ ਤਾਇਨਾਤੀ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਜਨਰਲ ਮੈਨੇਜਰ ਪੰਜਾਬ ਰੋਡਵੇਜ ਵਲੋਂ ਬੱਸ ਅੱਡੇ ਤੋਂ ਸ਼ਰਧਾਲੂਆਂ ਨੂੰ ਮੰਦਿਰ ਤੱਕ ਲੈ ਕੇ ਜਾਣ ਲਈ ਬੱਸਾਂ ਲਗਾਈਆਂ ਜਾਣਗੀਆਂ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਸਟੇਜ਼ਾਂ ਅਤੇ ਲਗਾਏ ਜਾ ਰਹੇ ਝੂਲਿਆਂ ਦੀ ਜਾਂਚ ਕਰਕੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਮੰਦਿਰ ਅਤੇ ਇਸ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੈਸਲਾ ਲਿਆ ਗਿਆ ਕਿ ਨਗਰ ਨਿਗਮ ਜਲੰਧਰ ਵਲੋਂ ਸਿਫ਼ਟ ਵਾਰ ਸਫ਼ਾਈ ਸੇਵਕਾਂ ਦੀਆਂ ਡਿਊਟੀਆਂ ਲਗਾਕੇ ਸਮੇਂ ਸਿਰ ਕੂੜੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇਗਾ। 
ਇਸੇ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੀਣ ਯੋਗ ਪਾਣੀ ਅਤੇ ਆਰਜ਼ੀ ਪਖ਼ਾਨਿਆਂ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਨਿਗਮ, ਜਲੰਧਰ ਦੇ ਅਧਿਕਾਰੀਆਂ ਨੂੰ ਮੰਦਿਰ ਦੇ ਅੰਦਰ ਅਤੇ ਆਲੇ-ਦੁਆਲੇ ਰੌਸ਼ਨੀ ਦੇ ਪ੍ਰਬੰਧ ਕਰਨ ਦੀਆਂ ਵੀ ਹਦਾਇਤ ਕੀਤੀ ਗਈ। ਇਸੇ ਤਰ੍ਹਾਂ ਪੁਲਿਸ ਵਿਭਾਗ ਵਲੋਂ ਮੇਲੇ ਦੌਰਾਨ ਸੁਚੱਜੀ ਨਿਗਰਾਨੀ, ਅਨਾਊਂਸਮੈਂਟ, ਆਵਾਜਾਈ ਦੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ ਸਿਹਤ ਵਿਭਾਗ ਵਲੋਂ ਐਬੂਲੈਂਸਾਂ ਸਮੇਤ ਸਿਹਤ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਬਿਜਲੀ ਵਿਭਾਗ ਵਲੋਂ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪਾਵਰ ਬੈਕਅਪ ਅਤੇ ਢਿੱਲੀਆਂ ਤਾਰਾਂ ਨੂੰ ਚੰਗੀ ਤਰ੍ਹਾਂ ਮਜ਼ਬੂਤੀ ਨਾਲ ਕੱਸਣ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਕੱਤਰ ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਸੁਰਿੰਦਰ ਚੱਢਾ, ਪੰਕਜ ਚੱਢਾ ਅਤੇ ਹੋਰ ਵੀ ਹਾਜ਼ਰ ਸਨ।
—————-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top