ਜਲੰਧਰ, 12 ਸਤੰਬਰ: ਲੋਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਪਿੰਡ ਰਹੀਮਪੁਰ ਵਿਖੇ ਕੈਂਪ ਲਾਇਆ ਗਿਆ। ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿੰਦੇ ਹਨ ਤਾਂ ਜੋ ਲੋਕਾਂ ਨੂੰ ਮੌਕੇ ’ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਬਿਨੈਕਾਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਬਿਨੈਕਾਰਾਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।
ਅੱਜ ਦੇ ਕੈਂਪ ਦੌਰਾਨ ਸੇਵਾ ਕੇਂਦਰ, ਖੁਰਾਕ ਤੇ ਸਿਵਲ ਸਪਲਾਈਜ਼, ਕਿਰਤ, ਮਾਲ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪਾਵਰਕਾਮ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਾ ਕੇ ਬਿਨੈਕਾਰਾਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ । ਰਹੀਮਪੁਰ ਤੋਂ ਇਲਾਵਾ ਆਦੀ, ਉੱਗੀ, ਖੀਵਾ, ਫਤਿਹਪੁਰ, ਜਲੋਵਾਲ ਅਤੇ ਚੂਹੜ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਲਿਆ।
ਕੈਂਪ ਵਿੱਚ ਨਾਗਰਿਕ ਸੇਵਾਵਾਂ ਦਾ ਲਾਭ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਸਦਕਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਇਕੋ ਛੱਤ ਹੇਠਾਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ।
ਇਸ ਮੌਕੇ ਬਾਬਾ ਪ੍ਰਗਟ ਨਾਥ, ਐਸ.ਡੀ.ਐਮ. ਨਕੋਦਰ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਤਹਿਸੀਲਦਾਰ ਪ੍ਰਦੀਪ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

















































