ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ:

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਹਾਇਕ ਵਜੋਂ ਕੰਮ ਕਰ ਰਿਹਾ ਸੀ ਅਤੇ  ਪਵਿੱਤਰ ਸਰੂਪਾਂ ਦੀ ਸਾਂਭ-ਸੰਭਾਲ, ਮਰਿਆਦਾ , ਅਣ-ਅਧਿਕਾਰਤ  ਛਪਾਈ ਦੌਰਾਨ ਹੋਈਆਂ ਗੰਭੀਰ ਕੁਤਾਹੀਆਂ ਅਤੇ ਊਣਤਾਈਆਂ ਵਿੱਚ ਉਸਦੀ ਸਿੱਧੀ ਭੂਮਿਕਾ  ਸੀ।

ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁੱਲ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ , ਜਿਸ ਵਿੱਚ ਚੰਡੀਗੜ੍ਹ ਵਿੱਚ 2 ਥਾਵਾਂ , ਅੰਮ੍ਰਿਤਸਰ ਸ਼ਹਿਰ ਵਿੱਚ 8 ਥਾਵਾਂ ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ 1-1 ਥਾਂ ‘ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ, 7 ਮੋਬਾਈਲ ਫ਼ੋਨ, 3 ਟੈਬਲੇਟ, 2 ਲੈਪਟਾਪ, 1 ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਜ਼ਬਤ ਕੀਤੇ ਗਏ ਇਲੈਕਟਰਾਨਿਕ ਯੰਤਰਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ ਅਤੇ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ –ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ  ਭੁਗਤਾਨ ਕਰਨ  ਵਾਲੀਆਂ ਕੰਪਨੀਆਂ ਦੀਆਂ ਕੜੀਆਂ ਸਿਆਸਤਦਾਨਾਂ ਸਮੇਤ ਕਈ ਰਸੂਖ਼ਦਾਰ ਵਿਅਕਤੀਆਂ ਨਾਲ ਜੁੜੀਆਂ ਹਨ।

ਐਸ.ਆਈ.ਟੀ. ਇਸ ਗੰਭੀਰ ਮਸਲੇ ਦੀ ਯੋਜਨਾਬੱਧ ਢੰਗ ਅਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁਖ਼ਤਾ ਸਬੂਤ ਜੁਟਾਏ ਜਾ ਰਹੇ ਹਨ। ਇਸ ਸਬੰਧੀ ਹੋਰ ਥਾਈਂ ਛਾਪੇ ਮਾਰੇ ਜਾਣ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Leave a Comment

Your email address will not be published. Required fields are marked *

Scroll to Top