ਯੁੱਧ ਨਸ਼ਿਆਂ ਵਿਰੁੱਧ ; ਸ਼ੇਖੇ ਪਿੰਡ ‘ਚ ਮਾਡਲ ਮੁੜ ਵਸੇਬਾ ਕੇਂਦਰ ਅਗਲੇ ਮਹੀਨੇ ਤੱਕ ਹੋ ਜਾਵੇਗਾ ਮੁਕੰਮਲ

ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੇਖੇ ਪਿੰਡ ਵਿਖੇ ਮਾਡਲ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਤੱਕ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
   ਡਾ. ਅਗਰਵਾਲ ਨੇ ਦੱਸਿਆ ਕਿ ਇਸ ਸਥਾਨ ‘ਤੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਬਣਾਇਆ ਜਾਵੇਗਾ, ਜੋ ਕਿ ਜਿਮਨੇਜ਼ੀਅਮ, ਹੁਨਰ ਵਿਕਾਸ ਕੇਂਦਰ, ਗਾਰਡਨ, ਕਾਊਂਸਲਿੰਗ ਰੂਮ, ਯੋਗਾ ਕੇਂਦਰ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।
   ਡਾ. ਅਗਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦੀ ਮੁੜ ਵਸੇਬਾ ਪ੍ਰਕਿਰਿਆ ਮੁਕੰਮਲ ਕਰਨਾ, ਉਪਰੰਤ ਸਮਾਜ ਵਿੱਚ ਸਮਾਜਿਕ ਤੰਦਾਂ ਮਜ਼ਬੂਤ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਹੈ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਵੀ ਮੌਜੂਦ ਸਨ।


    ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕੇਂਦਰ ਦੇ ਨਵੀਨੀਕਰਨ ਲਈ ਕੀਤੇ ਗਏ ਕਾਰਜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਸਮੇਂ ਦੇ ਅੰਦਰ ਕੰਮ ਮੁਕੰਮਲ ਕੀਤੇ ਜਾਣ।
   ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮਾਡਲ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਅਗਸਤ 2025 ਤੱਕ ਹੋਣ ਦੀ ਉਮੀਦ ਹੈ ਅਤੇ ਇਹ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਹੋਰ ਮਹੱਤਵਪੂਰਣ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਨੇ ਜਲੰਧਰ ਪ੍ਰਸ਼ਾਸਨ ਦੀ ਸਮਾਜ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਅਤੇ ਨਸ਼ੇ ਦੇ ਜਾਲ ਵਿੱਚ ਫਸੇ ਲੋਕਾਂ ਦਾ ਸਹੀ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ।
   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੇਂਦਰ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਰਹੇ ਵਿਅਕਤੀਆਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗਾ ਅਤੇ ਇਹ ਯਕੀਨੀ ਬਣਾਏਗਾ ਕਿ ਉਹ ਸਮਾਜ ਵਿੱਚ ਸਨਮਾਨ ਨਾਲ ਜੁੜ ਸਕਣ।
——

Leave a Comment

Your email address will not be published. Required fields are marked *

Scroll to Top