ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਤੇ ਸੀਵਰੇਜ ਵਿਵਸਥਾ ਦਾ ਲਿਆ ਜਾਇਜ਼ਾ

ਜਲੰਧਰ, 15 ਜੂਨ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਦੀਪ ਕੌਰ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਸਮੇਤ ਸ਼ਹਿਰ ਦੀਆਂ ਹੋਰ ਵੱਖ-ਵੱਖ ਥਾਵਾਂ ’ਤੇ ਸਫ਼ਾਈ ਤੇ ਸੀਵਰੇਜ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕੀਤੀ। 

ਚੇਅਰਮੈਨ ਚੰਦਨ ਗਰੇਵਾਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਦੇ ਸਾਰੇ ਵਾਰਡਾਂ, ਬਾਜ਼ਾਰਾਂ, ਚੌਕਾਂ ਅਤੇ ਹੋਰ ਥਾਵਾਂ ’ਤੇ ਸੁਚੱਜੀ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ।

ਸ਼੍ਰੀ ਗਰੇਵਾਲ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। ਸ਼੍ਰੀ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ਼੍ਰੀ ਗਰੇਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਸ਼ਹਿਰ ਦੇ ਸੀਵਰੇਜ ਦੀ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਜਿਥੇ ਕਿਤੇ ਵੀ ਬਰਸਾਤ ਦੇ ਦਿਨਾਂ ਵਿੱਚ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਆਉਂਦੀ ਹੈ, ਉਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਲੋਕਾਂ ਪਾਸੋਂ ਸਾਫ਼-ਸਫ਼ਾਈ ਅਤੇ ਸ਼ਹਿਰ ਨੂੰ ਹੋਰ ਸੁੰਦਰ ਤੇ ਸਵੱਛ ਬਣਾਉਣ ਲਈ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਵੀ ਲਏ ਗਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੀ ਸਾਫ਼–ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ।

ਇਸ ਮੌਕੇ ਜੁਆਇੰਟ ਕਮਿਸ਼ਨਰ ਮਨਦੀਪ ਕੌਰ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸਾਫ਼-ਸਫਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਸੇਵਕ ਲਗਾਏ ਗਏ ਹਨ, ਜਿਨ੍ਹਾਂ ਦੀ ਹਾਜ਼ਰੀ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸਿਹਤ ਅਫ਼ਸਰ ਨਗਰ ਨਿਗਮ ਡਾ. ਕ੍ਰਿਸ਼ਨ ਦੇਵ, ਚੀਫ਼ ਸੈਨੇਟਰੀ ਇੰਸਪੈਕਟਰ ਸੋਨੀ ਗਿੱਲ, ਸਾਹਿਲ ਮਲਹੋਤਰਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top