ਮੁਕੇਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਰਾਸ਼ਟਰੀ ਨਾਰਥ ਜ਼ੋਨ ਦੇ ਪ੍ਰਧਾਨ ਨਰੇਸ਼ ਸ਼ਰਮਾ ਨੇ ਬੁਲੰਦ ਕੀਤੀ ਆਵਾਜ਼

ਰਾਸ਼ਟਰੀ ਮਨੁੱਖੀ ਅਧਿਕਾਰ ਸੰਘ – ਭਾਰਤ

ਚੋਣਾਂ ਤੋਂ ਪਹਿਲਾਂ ਹੀ ਜਨਤਾ ਦੀਆਂ ਸਮੱਸਿਆਵਾਂ ਯਾਦ ਨਹੀਂ, ਤਾਂ ਚੋਣਾਂ ਤੋਂ ਬਾਅਦ ਕੌਣ ਸੁਣੇਗਾ ਲੋਕਾਂ ਦੀ ਪੁਕਾਰ?

ਸੋਨੂੰ ਥਾਪਰ (ਮੁਕੇਰੀਆਂ) – ਰਾਸ਼ਟਰੀ ਮਨੁੱਖੀ ਅਧਿਕਾਰ ਸੰਘ – ਭਾਰਤ ਦੇ ਰਾਸ਼ਟਰੀ ਨਾਰਥ ਜ਼ੋਨ ਦੇ ਪ੍ਰਧਾਨ ਨਰੇਸ਼ ਸ਼ਰਮਾ ਨੇ ਮੁਕੇਰੀਆਂ ਸ਼ਹਿਰ ਦੀ ਮਾੜੀ ਹਾਲਤ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਾਰੀਆਂ ਸਿਆਸੀ ਪਾਰਟੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਮੁਕੇਰੀਆਂ ਸ਼ਹਿਰ ਦੀਆਂ ਗਲੀਆਂ, ਸੜਕਾਂ, ਥਾਂ-ਥਾਂ ਲੱਗੇ ਕੂੜੇ ਦੇ ਢੇਰ, ਗੰਦਗੀ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਲੋਕ ਹਰ ਰੋਜ਼ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਲੋਕਾਂ ਦੀ ਆਵਾਜ਼ ਸੁਣਨ ਵਾਲਾ ਕੋਈ ਨਜ਼ਰ ਨਹੀਂ ਆ ਰਿਹਾ।

ਨਰੇਸ਼ ਸ਼ਰਮਾ ਨੇ ਕਿਹਾ ਕਿ ਹੁਣ ਜਨਤਾ ਨੂੰ ਜਾਗਰੂਕ ਹੋਣ ਦੀ ਲੋੜ ਹੈ। ਜਦੋਂ ਚੋਣਾਂ ਤੋਂ ਪਹਿਲਾਂ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ ਜਾ ਰਿਹਾ, ਤਾਂ ਚੋਣਾਂ ਤੋਂ ਬਾਅਦ ਆਮ ਲੋਕਾਂ ਦੀਆਂ ਫਰਿਆਦਾਂ ਕੌਣ ਸੁਣੇਗਾ?

ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਥਿਤੀ ਲਈ ਸਿਰਫ਼ ਸੱਤਾਧਾਰੀ ਧਿਰ ਹੀ ਨਹੀਂ, ਸਗੋਂ ਵਿਰੋਧੀ ਧਿਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਸਵਾਲ ਇਹ ਹੈ ਕਿ ਜਦੋਂ ਸ਼ਹਿਰ ਦੀਆਂ ਗਲੀਆਂ, ਸੜਕਾਂ, ਸਫ਼ਾਈ ਅਤੇ ਹੋਰ ਜਨਤਕ ਸਮੱਸਿਆਵਾਂ ਦੀ ਹਾਲਤ ਸਭ ਦੇ ਸਾਹਮਣੇ ਹੈ, ਤਾਂ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਆਵਾਜ਼ ਬੁਲੰਦ ਕਿਉਂ ਨਹੀਂ ਕਰ ਰਹੇ?

ਉਨ੍ਹਾਂ ਅੱਗੇ ਕਿਹਾ ਕਿ ਸਿਆਸਤ ਆਪਣੀ ਥਾਂ ਹੈ, ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ, ਸਾਰੇ ਜਨ-ਪ੍ਰਤੀਨਿਧੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਮੁਕੇਰੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ।

ਨਰੇਸ਼ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਸ਼ਹਿਰ ਦੇ ਵਿਕਾਸ ਲਈ ਜਾਗਰੂਕ ਹੋਣ ਅਤੇ ਜਨਤਕ ਸਮੱਸਿਆਵਾਂ ਬਾਰੇ ਸਵਾਲ ਪੁੱਛਣ। ਹੁਣ ਸਿਰਫ਼ ਭਰੋਸੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਹੋਣਾ ਚਾਹੀਦਾ ਹੈ।

ਲੋਕਾਂ ਦਾ ਸਵਾਲ, ਜਵਾਬ ਕੌਣ ਦੇਵੇਗਾ?

ਗਲੀਆਂ ਦੀ ਹਾਲਤ ਮਾੜੀ, ਸੜਕਾਂ ‘ਤੇ ਲੋਕ ਪਰੇਸ਼ਾਨ,
ਕੂੜੇ ਦੇ ਢੇਰਾਂ ਕਾਰਨ ਸ਼ਹਿਰ ਵਾਸੀ ਹੈਰਾਨ-ਪਰੇਸ਼ਾਨ।
ਚੋਣਾਂ ਤੋਂ ਪਹਿਲਾਂ ਜੋ ਨਹੀਂ ਸੁਣਦੇ ਲੋਕਾਂ ਦੀ ਆਵਾਜ਼,
ਚੋਣਾਂ ਤੋਂ ਬਾਅਦ ਕੀ ਕਰਨਗੇ ਜਨਤਾ ਦੀਆਂ ਸਮੱਸਿਆਵਾਂ ਦਾ ਅਹਿਸਾਸ?

Table of Contents

Scroll to Top