ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ: ਵੜਿੰਗ

ਚੰਡੀਗੜ੍ਹ, 22 ਫਰਵਰੀ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗੁਰਦਾਸਪੁਰ ਜ਼ਿਲ੍ਹਾ ਵਿੱਚ ਸਰਹੱਦ ਦੇ ਨੇੜੇ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਦੀ ਹੱਤਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਕਿਹਾ ਹੈ ਕਿ ਇਹ ਇਕ ਬਹੁਤ ਹੀ ਚਿੰਤਾਜਨਕ ਘਟਨਾ ਹੈ ਅਤੇ ਇਸਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਮਾਮਲੇ ਦੀ ਪੂਰੀ ਅਤੇ ਗਹਿਰੀ ਜਾਂਚ ਤੋਂ ਪਹਿਲਾਂ ਕਿਸੇ ਵੀ ਕਿਸਮ ਦੀਆਂ ਮਹਜ਼ ਅਟਕਲਾਂ ਦੇ ਆਧਾਰ ’ਤੇ ਜਲਦਬਾਜ਼ੀ ਵਿੱਚ ਨਤੀਜੇ ਕੱਢਣ ਤੋਂ ਬਚਣ ਦੀ ਲੋੜ ’ਤੇ ਜ਼ੋਰ ਦਿੱਤਾ।

ਵੜਿੰਗ ਨੇ 2016 ਵਿੱਚ ਪਠਾਨਕੋਟ ਏਅਰਬੇਸ ’ਤੇ ਹੋਏ ਅੱਤਵਾਦੀ ਹਮਲੇ ਤੋਂ ਪਹਿਲਾਂ ਦੀ ਇਸੇ ਤਰ੍ਹਾਂ ਦੀ ਇਕ ਘਟਨਾ ਦੀ ਯਾਦ ਦਿਵਾਉਂਦੇ ਹੋਏ, ਕਿਹਾ ਕਿ ਉਸ ਸਮੇਂ ਪੁਲਿਸ ਦੇ ਇਕ ਐਸਪੀ ਨੂੰ ਅਗਵਾ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਗੱਡੀ ਖੋਹ ਲਈ ਗਈ ਸੀ, ਜਿਸ ਤੋਂ ਤੁਰੰਤ ਬਾਅਦ ਏਅਰਬੇਸ ’ਤੇ ਅੱਤਵਾਦੀ ਹਮਲਾ ਹੋਇਆ ਸੀ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਿਨਾਂ ਪੂਰੀ ਜਾਂਚ ਅਤੇ ਤੱਥਾਂ ਦੀ ਤਸਦੀਕ ਕੀਤੇ ਪੁਲਿਸ ਨੂੰ ਕਿਸੇ ਨਤੀਜੇ ’ਤੇ ਨਹੀਂ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਦੇ ਨੇੜੇ ਇਸ ਤਰ੍ਹਾਂ ਦੀ ਘਟਨਾ ਹੋਣਾ ਆਪਣੇ ਆਪ ਵਿੱਚ ਗੰਭੀਰ ਮਾਮਲਾ ਹੈ ਅਤੇ ਇਸਦੀ ਜੜ ਤੱਕ ਪਹੁੰਚਣ ਲਈ ਡੂੰਘਾਈ ਨਾਲ ਜਾਂਚ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਹੀ ਸਰਹੱਦ ਪਾਰੋਂ ਡਰੋਨਾਂ ਰਾਹੀਂ ਦੇਸ਼ ਵਿੱਚ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡਰੋਨ ਨਸ਼ਾ ਲਿਆ ਸਕਦੇ ਹਨ, ਤਾਂ ਉਹ ਹਥਿਆਰ ਵੀ ਲਿਆ ਸਕਦੇ ਹਨ। ਇਨ੍ਹਾਂ ਹੱਤਿਆਵਾਂ ਤੋਂ ਬਾਅਦ ਆਮ ਲੋਕਾਂ ਵਿੱਚ ਚਿੰਤਾ ਹੋਣਾ ਸੁਭਾਵਿਕ ਅਤੇ ਜਾਇਜ਼ ਹੈ।

Leave a Comment

Your email address will not be published. Required fields are marked *

Scroll to Top