ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਮਾਨ ਸਰਕਾਰ : ਅਮ੍ਰਿਤਪਾਲ ਸਿੰਘ

ਜਲੰਧਰ- ਆਮ ਆਦਮੀ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ (ਪੰਜਾਬ ਸਰਕਾਰ) ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਅੱਜ ਪਿੰਡ ਬੁਲੰਦਪੁਰ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ 9.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਲਾਸਰੂਮ ਦਾ ਉਦਘਾਟਨ ਕੀਤਾ।

ਇਸ ਮੌਕੇ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਿੱਜੀ ਸਕੂਲਾਂ ਦੇ ਪੱਧਰ ਦੀਆਂ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕਿਸੇ ਵੀ ਬੱਚੇ ਦੀ ਸਿੱਖਿਆ ਵਿੱਚ ਉਸ ਦੀ ਆਰਥਿਕ ਸਥਿਤੀ ਰੁਕਾਵਟ ਨਾ ਬਣੇ।

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸਰੂਮਾਂ ਦੇ ਨਾਲ-ਨਾਲ ਆਧੁਨਿਕ ਪ੍ਰਯੋਗਸ਼ਾਲਾਵਾਂ, ਸਮਾਰਟ ਕਲਾਸਰੂਮ, ਬਿਹਤਰ ਬੁਨਿਆਦੀ ਢਾਂਚੇ ਅਤੇ ਵਿਦਿਆਰਥੀਆਂ ਲਈ ਅਨੁਕੂਲ ਮਾਹੌਲ ਤਿਆਰ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀ ਸਿੱਖਿਆ ਦੇਣ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ।

ਚੇਅਰਮੈਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਮਜ਼ਬੂਤ ਸਿੱਖਿਆ ਪ੍ਰਣਾਲੀ ਹੀ ਸੂਬੇ ਦੇ ਸੁਨਹਿਰੀ ਭਵਿੱਖ ਦੀ ਨੀਂਹ ਹੈ। ਅੱਜ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਉਦੇਸ਼ ਬੱਚਿਆਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਬੁਲੰਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ 9.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਕਲਾਸਰੂਮ ਵੀ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੇਰੇ ਜਗ੍ਹਾ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸਕੂਲ ਦੇ ਸਿੱਖਿਆ ਮਾਹੌਲ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਵੀ ਬਰਾਬਰ ਵਿਕਾਸ ਕਾਰਜ ਕਰਵਾਏ ਜਾਣ, ਤਾਂ ਜੋ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਵੀ ਆਧੁਨਿਕ ਸਿੱਖਿਆ ਸਹੂਲਤਾਂ ਦਾ ਲਾਭ ਮਿਲ ਸਕੇ। ਸਿੱਖਿਆ ’ਤੇ ਕੀਤਾ ਗਿਆ ਨਿਵੇਸ਼ ਅਸਲ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ’ਤੇ ਕੀਤਾ ਗਿਆ ਨਿਵੇਸ਼ ਹੈ।

ਇਸ ਮੌਕੇ ਕੌਂਸਲਰ ਦੀਪਕ ਸ਼ਾਰਦਾ, ਜ਼ਿਲ੍ਹਾ ਸਕੱਤਰ ਗੁਰਪਾਲ ਸਿੰਘ, ਚੇਅਰਮੈਨ ਮਾਰਕੀਟ ਜਲੰਧਰ, ਇੰਦਰਜੀਤ ਸਿੰਘ, ਵਿਧਾਨ ਸਭਾ ਚੇਅਰਮੈਨ ਦਲਿਤ ਵਿਕਾਸ ਬੋਰਡ ਸਮੇਤ ਹੋਰ ਪਤਵੰਤੇ ਸੱਜਣ ਅਤੇ ਸਕੂਲ ਨਾਲ ਜੁੜੇ ਮੈਂਬਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Table of Contents

Scroll to Top