ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਜਲੰਧਰ, 6 ਫਰਵਰੀ : ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਅੱਜ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹਾ ਪੁਲਿਸ, ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਮਜ਼ਬੂਤੀ ਲਈ ਕਮਿਸ਼ਨ ਵੱਲੋਂ ਨਵੀਆਂ ਐਡਵਾਈਜਰੀਜ਼ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਬਿੱਲ ਬਕਾਇਆ ਹੋਣ ਦੀ ਸੂਰਤ ਵਿੱਚ ਮ੍ਰਿਤਕ ਦੇਹ ਨੂੰ ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਬਿਨ੍ਹਾਂ ਕਿਸੇ ਦੇਰੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਜਾਂ ਐਫੀਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਲਈ ਮ੍ਰਿਤਕ ਦੇਹ ਨੂੰ ਮ੍ਰਿਤਕ ਦੇ ਘਰ ਛੱਡਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ 20 ਬੈੱਡਾਂ ਵਾਲੇ ਹਰ ਹਸਪਤਾਲ ਵਿੱਚ ਮੌਰਚਰੀ ਅਤੇ ਐਂਬੂਲੈਂਸ ਦਾ ਹੋਣਾ ਜ਼ਰੂਰੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੇ ਠੇਕੇਦਾਰਾਂ/ਫਰਮਾਂ ਵੱਲੋਂ ਸਫਾਈ ਕਰਮਚਾਰੀਆਂ ਦਾ ਬੀਮਾ ਅਤੇ ਉਨ੍ਹਾਂ ਨੂੰ ਕੈਪਸ, ਸ਼ੂਜ਼, ਸੈਨੇਟਾਈਜ਼ਰ ਅਤੇ ਹੋਰ ਸੁਰੱਖਿਆ ਉਪਕਰਣ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਹ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਕੋਈ ਵੀ ਐਂਬੂਲੈਂਸ, ਜੋ ਕਿਸੇ ਗੰਭੀਰ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਹੈ, ਵੱਲੋਂ 112 ’ਤੇ ਸੰਪਰਕ ਕਰਨ ֹ’ਤੇ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਜ਼ਿੰਮੇਵਾਰੀ ਨੇੜਲੀ ਪੀ.ਸੀ.ਆਰ. ਜਾਂ ਨੇੜਲੇ ਪੁਲਿਸ ਸਟੇਸ਼ਨ ਦੀ ਗੱਡੀ ਦੀ ਹੋਵੇਗੀ।

ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਦੀ ਭਲਾਈ ਦੇ ਕੰਮ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਵਿੱਚ ਵੀ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਨੂੰ ਮਨੁੱਖਤਾ ਦੀ ਬਿਹਤਰੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪ੍ਰਸ਼ਾਸਨ ਦੀਆਂ ਬਾਹਵਾਂ ਬਣ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜਲੰਧਰ ਦੀਆਂ ਐਨ.ਜੀ.ਓਜ਼ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਵੀ ਜਾਰੀ ਕੀਤਾ ਗਿਆ ਹੈ।

ਸਿਹਤ, ਨਗਰ ਕੌਂਸਲ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ।

ਉਨ੍ਹਾਂ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਲਈ ਆਕਸੀਜ਼ਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ, ਐਂਬੂਲੈਂਸ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ 4 ਏਕੜ ਤੋਂ ਵੱਡੇ ਪਾਰਕਾਂ ਵਿੱਚ ਰੈਂਪ, ਮਹਿਲਾਵਾਂ ਤੇ ਪੁਰਸ਼ਾਂ ਲਈ ਬਾਥਰੂਮ ਅਤੇ ਹਰੇਕ ਪਾਰਕ ਵਿੱਚ ਬੈਂਚਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਵਿਭਾਗ ਨੂੰ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਾਥਰੂਮ, ਬੈਠਣ ਲਈ ਢੁੱਕਵੇਂ ਪ੍ਰਬੰਧ ਅਤੇ ਢੁੱਕਵੀਂ ਪਾਰਕਿੰਗ ਵਿਵਸਥਾ ਵੀ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਜ਼ਿਲ੍ਹੇ ਵਿੱਚ 15-15 ਵਿਅਕਤੀਆਂ ’ਤੇ ਆਧਾਰਿਤ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰ ਗਰੁੱਪ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿੱਚ ਲਿਆਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿੱਚ ਵੱਖ-ਵੱਖ ਵਰਗਾਂ ਨਾਲ ਸਬੰਧਤ ਵਿਅਕਤੀ ਸ਼ਾਮਲ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੋਂ ਇਲਾਵਾ ਪੁਲਿਸ ਵਿਭਾਗ, ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top