ਜਲੰਧਰ, 2 ਅਗਸਤ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਹੁਣ ਸਕੂਲਾਂ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਸਿੱਖਿਆ ਲਾਗੂ ਕੀਤੀ ਗਈ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 9ਵੀਂ ਤੋਂ 12ਵੀਂ ਤੱਕ ਲਗਭਗ 8 ਲੱਖ ਵਿਦਿਆਰਥੀਆਂ ਲਈ ਨਵਾਂ ਨਸ਼ਾ ਵਿਰੋਧੀ ਸਿਲੇਬਸ ਤਿਆਰ ਕੀਤਾ ਹੈ, ਜੋ ਵਿਦਿਆਰਥੀਆਂ ਨੂੰ ਸਿਰਫ ਪੜ੍ਹਾਏਗਾ ਹੀ ਨਹੀਂ, ਸਗੋਂ ਉਨ੍ਹਾਂ ਲਈ ਇੱਕ ਸੁਰੱਖਿਆ ਕਵਚ ਵਾਂਗ ਕੰਮ ਵੀ ਕਰੇਗਾ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਕੋਸ਼ਿਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਬਚਾਉਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਿਲੇਬਸ ਵਿਦਿਆਰਥੀਆਂ ਦੇ ਮਨ, ਸਰੀਰ ਅਤੇ ਵਿਵਹਾਰ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਤਿਆਰ ਕੀਤਾ ਗਿਆ ਹੈ। ਇਹ ਸਿਰਫ ਸਿੱਖਿਆ ਨਹੀਂ, ਇਕ ਢਾਲ ਹੈ, ਜੋ ਸਾਰੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਏਗੀ।
ਉਨ੍ਹਾਂ ਕਿਹਾ ਕਿ ਇਹ ਸਿਲੇਬਸ ਵਿਦਿਆਰਥੀਆਂ ਨੂੰ ਨੈਤਿਕ ਮੁੱਲ, ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵ ਅਤੇ ਆਪਣੀ ਜ਼ਿੰਦਗੀ ਨੂੰ ਠੀਕ ਢੰਗ ਨਾਲ ਚੁਣਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਜੰਗ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਇੱਕ ਜਨ ਅੰਦੋਲਨ ਬਣਾਉਣ।
———
