ਸ਼ਾਹਕੋਟ (ਜਲੰਧਰ), 18 ਅਗਸਤ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਅੱਜ ਸ਼ਾਹਕੋਟ ਵਿਖੇ ਪਹੁੰਚ ਕੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ। ਸ਼੍ਰੀ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਹਿੱਤ ਵਿੱਚ ਇਤਿਹਾਸਿਕ ਫ਼ੈਸਲਾ ਲੈਂਦਿਆਂ ਇਨ੍ਹਾਂ ਦੀ ਮਹੀਨਾਵਾਰ ਤਨਖਾਹ 20,500 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਬਿਹਤਰੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਸ਼੍ਰੀ ਗਰੇਵਾਲ ਨੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧੇ ਸਬੰਧੀ ਲਏ ਗਏ ਫ਼ੈਸਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਦੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨਾਂ ਦੀ ਵੀ ਸ਼ਲਾਘਾ ਕੀਤੀ ਕਿ ਜਿਨ੍ਹਾਂ ਪੰਜਾਬ ਸਰਕਾਰ ਦੀ ਪਹਿਲਕਦਮੀ ਉਪਰੰਤ ਤੁਰੰਤ ਹੜਤਾਲਾਂ ਖ਼ਤਮ ਕਰਕੇ ਸੂਬੇ ਦੇ ਸ਼ਹਿਰਾਂ ਦੀ ਸੁਚੱਜੇ ਢੰਗ ਨਾਲ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਭਵਿੱਖ ਵਿੱਚ ਵੀ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ‘ਆਪ’ ਆਗੂ ਪਰਮਿੰਦਰ ਸਿੰਘ ਪੰਡੋਰੀ, ਕਾਰਜ ਸਾਧਕ ਅਫ਼ਸਰ ਸ਼ਾਹਕੋਟ ਜਗਤਾਰ ਸਿੰਘ, ਕੌਂਸਲਰ ਪ੍ਰਵੀਨ ਗਰੋਵਰ, ਸਤੀਸ਼ ਰਿਹਾਨ, ਬੂਟਾ ਸਿੰਘ ਤੇ ਹਲਕਾ ਕੋਆਰਡੀਨੇਟਰ ਜਤਿੰਦਰ ਪਾਲ ਬੱਲਾਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਮੌਜੂਦ ਸਨ।