ਝੋਨੇ ਦੀ ਖਰੀਦ ਪ੍ਰਕਿਰਿਆ ; ਜਲੰਧਰ ਜ਼ਿਲ੍ਹੇ ‘ਚ ਕਿਸਾਨਾਂ ਨੂੰ ਹੋਈ 609 ਕਰੋੜ ਰੁਪਏ ਦੀ  ਅਦਾਇਗੀ

ਜਲੰਧਰ, 24 ਅਕਤੂਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ-ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਸਬੰਧਿਤ ਅਧਿਕਾਰੀਆਂ ਤੋਂ ਜਾਇਜ਼ਾ ਲਿਆ ਜਾ ਰਿਹਾ ਹੈ।
    ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਰੀਦ ਕੀਤੇ ਗਏ ਝੋਨੇ ਦੀ 609 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 303299 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 295508 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 50747 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀ ਜਾ ਚੁੱਕੀਆਂ ਹਨ।
    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਦੇਰੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਐਸ.ਡੀ.ਐਮਜ਼ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਕੋਈ ਕਮੀ ਨਹੀਂ ਰਹਿਣ ਦੇਵੇਗਾ।

——–

Leave a Comment

Your email address will not be published. Required fields are marked *

Scroll to Top