ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਆਵੇ : ਸੰਤ ਸੀਚੇਵਾਲ

ਜਲੰਧਰ:- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਤਵਾਦ ਨੂੰ ਸ਼ਹਿ ਦੇ ਰਹੇ ਪਾਕਿਸਤਾਨ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੱਤੀ। ਫਿਲੀਪਾਈਨ ਦੀ ਫੇਰੀ ਤੋਂ ਦੇਰ ਰਾਤ ਵਾਪਸ ਆਏ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਾਰਤ ਤੇ ਪਾਕਿਸਤਾਨ ਵਿਚ ਬਣੇ ਤਣਾਅ ‘ਤੇ ਤਿੱਖੀ ਟਿੱਪਣੀ ਕਰਦਿਆ ਕਿਹਾ ਕਿ ਸਾਰੀ ਦੁਨੀਆਂ ਜਾਣਗੀ ਹੈ ਕਿ ਅੱਤਵਾਦ ਨੂੰ ਪਾਕਿਸਤਾਨ ਪੂਰੀ ਤਰ੍ਹਾਂ ਸ਼ਹਿ ਦੇ ਰਿਹਾ ਹੈ। ਫਿਲੀਪਾਈਨ ਤੋਂ ਆਏ ਸੰਤ ਸੀਚੇਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਮੌਜੂਦਾ ਹਲਾਤਾਂ ਦੌਰਾਨ ਬੰਦ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਉਤਰਨਾ ਪਿਆ ਸੀ।
ਸੰਤ ਸੀਚੇਵਾਲ ਨੇ ਕਿਹਾ ਕਿ ਲੰਘੀ 22 ਅਪ੍ਰੈਲ ਨੂੰ ਪਹਿਲਗਾਮ ਵਿੱਚ 26 ਦੇ ਕਰੀਬ ਬੇਕਸੂਰ ਸੈਲਾਨੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਸਨ। ਇਸ ਹਿਰਦੇਵੇਦਕ ਘਟਨਾ ਨੇ ਸਮੁੱਚੇ ਵਿਸ਼ਵ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਸੀ। ਉਹਨਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਹਮਲੇ ਕਰਕੇ ਉਨ੍ਹਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਿਸੇ ਵੀ ਤਰ੍ਹਾਂ ਅੱਤਵਾਦੀ ਸ਼ਹਿ ਨੂੰ ਵੱਧਣ ਨਹੀ ਦੇਵੇਗਾ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੜੀ ਸਪੱਸ਼ਟਤਾ ਨਾਲ ਕਿਹਾ ਕਿ ਸਾਰਾ ਦੇਸ਼ ਫੌਜ਼ ਦੇ ਨਾਲ ਖੜਾ ਹੈ। ਸਾਰਾ ਦੇਸ਼ ਇਸ ਸੰਕਟ ਦੀ ਘੜੀ ਵਿੱਚ ਇੱਕ ਜੁਟ ਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਇੱਕਜੁਟ ਹੋ ਕੇ ਹੀ ਮੌਜੂਦਾਂ ਹਲਾਤਾਂ ਦਾ ਦ੍ਰਿੜਤਾ ਨਾਲ ਸਾਹਮਣਾ ਕਰਨਾ ਚਾਹੀਦਾ।
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ। ਜੰਗ ਵਿੱਚ ਹਮੇਸ਼ਾਂ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੱਡੇ ਪੱਧਰ ‘ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਮਾਮਲੇ ਵਿੱਚ ਪਾਕਿਸਤਾਨ ਨੂੰ ਪਹਿਲਾਂ ਵੀ ਮੂੰਹ ਤੋੜਵਾ ਜਵਾਬ ਦਿੱਤਾ ਸੀ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਪਨਾਹ ਦੇਣੀ ਅਤੇ ਬੇਕਸੂਰ ਲੋਕਾਂ ਨੂੰ ਮਾਰ ਕੇ ਦਹਿਸ਼ਤ ਪੈਦਾ ਕਰਨੀ ਹੀ ਅੱਤਵਾਦੀਆਂ ਦਾ ਮੱੁਖ ਟੀਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਦੀ ਘਟਨਾ ਨੂੰ ਲੈਕੇ ਲੋਕਾਂ ਵਿਚ ਭਾਰੀ ਰੋਸ ਸੀ। ਦੇਸ਼ ਗੁੱਸੇ ਵਿੱਚ ਸੀ। ਪਾਕਿਸਤਾਨ ਨੇ ਇਹ ਮੰਨ ਵੀ ਲਿਆ ਹੈ ਕਿ ਬਾਹਰਲੇ ਦੇਸ਼ ਉਨ੍ਹਾਂ ਨੂੰ ਫੰਡਿੰਗ ਕਰਦੇ ਸਨ ਅਤੇ ਉਹ ਅੱਤਵਾਦੀਆਂ ਨੂੰ ਟ੍ਰੈਨਿੰਗ ਦੇ ਕੇ ਦਹਿਸ਼ਤ ਫੈਲਾਉਣ ਲਈ ਭੇਜਦੇ ਸਨ। ਪਾਕਿਸਤਾਨ ਆਪਣੀਆਂ ਇੰਨ੍ਹਾਂ ਹਰਕਤਾਂ ਕਾਰਨ ਪੂਰੀ ਦੁਨੀਆਂ ਵਿੱਚ ਬਦਨਾਮ ਹੋਇਆ ਹੈ।
ਸੰਤ ਸੀਚੇਵਾਲ ਨੇ ਮੁੜ ਦੁਹਰਾਇਆ ਕਿ ਜੰਗ ਕਿਸੇ ਮਸਲੇ ਦਾ ਹਲ ਨਹੀਂ ਹੁੰਦਾ। ਜਿੱਥੇ ਵੀ ਲੜਾਈਆਂ ਹੁੰਦੀਆਂ ਹਨ ਉਥੇ ਬਹੁਤ ਵੱਡੀਆਂ ਤਬਾਹੀਆਂ ਹੁੰਦੀਆਂ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਭਾਰਤ ਤੇ ਪਾਕਿਸਤਾਨ ਸੰਜਮ ਵਰਤਣ। ਸੰਤ ਸੀਚੇਵਾਲ ਨੇ ਕਿਹਾ ਕਿ ਸਾਡੀ ਫੋਜ ਦੇ ਹੱਥਾਂ ਵਿਚ ਦੇਸ਼ ਸੁਰੱਖਿਅਤ ਹੈ। ਫੌਜ ਅਧੁਨਿਕ ਸਾਜੋ ਸਮਾਨ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਜੰਗ ਜੇ ਅੱਗ ਵਧਦੀ ਤਾਂ ਇਸ ਨਾਲ ਮਨੁੱਖਤਾ ਦਾ ਘਾਣ ਹੁੰਦਾ ਹੈ।ਜੰਗ ਤੋਂ ਬਚਣ ਦੀ ਲੋੜ ਹੈ ਪਰ ਕਈ ਵਾਰ ਅਜਿਹੇ ਹਲਾਤ ਬਣ ਜਾਂਦੇ ਹਨ ਕਿ ਸਖ਼ਤ ਕਦਮ ਚੁੱਕਣੇ ਪੈਂਦੇ ਹਨ।
*ਬਾਕਸ ਆਈਟਿਮ : ਲੋਕ ਅਫਵਾਹਾਂ ਤੋਂ ਬਚਣ*
ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਡਰ ਕਾਰਨ ਰਾਸ਼ਨ ਦਾ ਭੰਡਾਰ ਨਾ ਕਰਨ ਜਿਸ ਨਾਲ ਅਫਰਾ-ਤਫਰੀ ਫੈਲੇ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਘਟਨਾਵਾਂ ਝੂਠੀਆਂ ਦਿਖਾਈਆਂ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਡਰ ਪੈਦਾ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਅੱਪਲੋਡ ਨਾ ਕਰਨ ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top