ਜਲੰਧਰ, 8 ਜੁਲਾਈ : ਅਮਨ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਸਿਟੀ ਸੀਲਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਜਾਇਜ਼ਾ ਲਿਆ ਗਿਆ।
ਸ਼ਹਿਰ ਨੂੰ ਸੀਲ ਕਰਨ ਦੀ ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆ ਹਦਾਇਤਾਂ ’ਤੇ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 30 ਸ਼ਿਫ਼ਟਿੰਗ ਨਾਕੇ ਲਗਾਏ ਗਏ ਹਨ, ਜਿਨ੍ਹਾਂ ਦੀ 16 ਗਜ਼ਟਿਡ ਅਫ਼ਸਰਾਂ ਵਲੋਂ ਅਸਰਦਾਰ ਢੰਗ ਨਾਲ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਨੇ ਅਨੇਕਾਂ ਨਾਕਿਆਂ ਦੀ ਖੁਦ ਜਾਂਚ ਕੀਤੀ ਅਤੇ ਵਾਹਨਾਂ ਦੀ ਚੈਕਿੰਗ ਕਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਮੁਹਿੰਮ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨਾਲ ਕੋਈ ਵੀ ਸਮਝੌਤਾ ਨਾ ਕਰਦਿਆਂ ਜੇਕਰ ਕੋਈ ਸ਼ੱਕੀ ਵਿਅਕਤੀ ਦੀ ਪਹਿਚਾਣ ਹੁੰਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਇਸ ਵਿਸ਼ੇਸ਼ ਮੁਹਿੰਮ ਚਲਾਉਣ ਦਾ ਮੰਤਵ ਕੇਵਲ ਗੈਰ ਸਮਾਜਿਕ ਗਤੀਵਿਧੀਆਂ ਨੂੰ ਰੋਕਣਾ ਹੀ ਨਹੀਂ ਸਗੋਂ ਆਮ ਨਾਗਰਿਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਨਾ ਹੈ। ਉਨ੍ਹਾਂ ਅਜਿਹੀਆਂ ਪੁਲਿਸ ਕਾਰਵਾਈਆਂ ਦੁਆਰਾ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਮਿਸ਼ਨਰੇਟ ਪੁਲਿਸ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ’ਤੇ ਬਹਾਲ ਰੱਖਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਸ ਮੁਹਿੰਮ ਤਹਿਤ ਰਾਤ ਤੱਕ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।
—————–
