ਜਲੰਧਰ, 12 ਮਈ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਪੁਲਿਸ ਕਮਿਸ਼ਨਰ ਵੱਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ।
ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।
ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਚਾਹੀਦਾ ਹੈ।
ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਿਨਾਂ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖਣਗੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਮੇਨਟੇਨ ਕਰਨਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਹਰੇਕ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵਲੋਂ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਗਏ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ. ਪਰੂਫ਼/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਅਤੇ ਦਸਤਖ਼ਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ।
ਇਸ ਤੋਂ ਇਲਾਵਾ ਫੋਨ ਖ਼ਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਰਾਹੀਂ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ ਅਤੇ ਗ੍ਰਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸ ਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖ਼ਤ, ਮੋਬਾਇਲ ਫੋਨ ਵੇਚਣ/ਖ਼ਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ.ਡੀ.ਪਰੂਫ ਅਤੇ ਗ੍ਰਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੈਨਟੇਨ ਕਰਨਗੇ।
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਹ ਸਾਰੇ ਹੁਕਮ 8 ਜੁਲਾਈ 2026 ਤੱਕ ਲਾਗੂ ਰਹਿਣਗੇ।

















































