23 ਤੇ 24 ਮਈ ਨੂੰ ਵਿਧਾਨ ਸਭਾ ਪੱਧਰ ’ਤੇ ਕੀਤੀ ਜਾਵੇਗੀ ਵੋਟਿੰਗ ਮਸ਼ੀਨਾਂ ਦੀ ਤਿਆਰੀ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 21 ਮਈ – ਜਲੰਧਰ ਲੋਕ ਸਭਾ ਚੋਣਾਂ ਦੌਰਾਨ 1 ਜੂਨ ਨੂੰ ਮਤਦਾਨ ਲਈ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਸ ਦੀ ਕਮਿਸ਼ਨਿੰਗ ਸਬੰਧੀ ਮੰਗਲਵਾਰ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਪੱਧਰੀ ਮਾਸਟਰ ਟ੍ਰੇਨਰਾਂ ਲਈ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਪੱਧਰ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਸ ਦੀ ਕਮਿਸ਼ਨਿੰਗ ਕੀਤੀ ਜਾਣੀ ਹੈ, ਜਿਸ ਸਬੰਧੀ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਵਿਧਾਨ ਸਭਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਵਿਸਥਾਰਪੂਰਵਕ ਸਿਖ਼ਲਾਈ ਦਿੱਤੀ ਗਈ ਹੈ ਤਾਂ ਜੋ ਵੋਟਿੰਗ ਮਸ਼ੀਨਾਂ ਦੀ ਤਿਆਰੀ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਬੂਥਵਾਰ ਵੰਡ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਹੁਣ 23 ਤੇ 24 ਮਈ ਨੂੰ ਵਿਧਾਨ ਸਭਾ ਪੱਧਰ ’ਤੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਲੋਕ ਸਭਾ ਚੋਣਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1951 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਜ਼ਿਲ੍ਹੇ ਦੇ 1654005 ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ। ਇਸ ਮੌਕੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ, ਵਿਧਾਨ ਸਭਾ ਪੱਧਰੀ ਮਾਸਟਰ, ਚੋਣ ਕਾਨੂੰਨਗੋ ਆਦਿ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top